ਚੰਡੀਗੜ੍ਹ: ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਅਹਿਮ ਮੀਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰ ਰਹੇ ਹਨ। ਚਰਚਾ ਹੈ ਕਿ ਕਿਸਾਨਾਂ ਤੋਂ ਪਹਿਲਾਂ ਅਮਿਤ ਸ਼ਾਹ ਦੀ ਕੈਪਟਨ ਨਾਲ ਮੁਲਕਾਤ ਦਾ ਕੀ ਰਾਜ਼ ਹੈ।

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਲਈ ਨਵੀਂ ਪੇਸ਼ਕਸ਼ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਬਾਰੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਚਰਚਾ ਕਰ ਰਹੇ ਹਨ। ਨਵੀਂ ਪੇਸ਼ਕਸ਼ ’ਚ ਹੋ ਸਕਦਾ ਹੈ ਕਿ ਤਿੰਨੇ ਨਵੇਂ ਖੇਤੀ ਕਾਨੂੰਨ ਦੋ ਕੁ ਮਹੀਨਿਆਂ ਲਈ ਰੋਕ ਲਏ ਜਾਣ। ਉਸ ਦੌਰਾਨ ਮੁੱਖ ਮੰਤਰੀਆਂ ਤੇ ਕਿਸਾਨਾਂ ਦੇ ਨੁਮਾਇੰਦਿਆਂ ਦੀ ਕਮੇਟੀ ਇਸ ਮੁੱਦੇ ’ਤੇ ਗੱਲਬਾਤ ਕਰੇ।

ਕਿਸਾਨਾਂ ਨਾਲ ਕੇਂਦਰੀ ਮੰਤਰੀਆਂ ਦੀ ਬੈਠਕ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਵੱਲੋਂ ਮਿਲ ਬੈਠ ਕੇ ਕਿਸਾਨ ਅੰਦੋਲਨ ਨਾਲ ਸਬੰਧਤ ਰੇੜਕੇ ਦਾ ਕੋਈ ਸੁਖਾਵਾਂ ਹੱਲ ਕੱਢਿਆ ਜਾਵੇ। ਇਸ ਦੌਰਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਬਾਰੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸਿਰਫ਼ ਕੇਂਦਰ ਸਰਕਾਰ ਨਾਲ ਹੀ ਗੱਲ ਕਰਨਗੇ। ਇਹ ਕਿਸੇ ਸਿਆਸੀ ਪਾਰਟੀ ਜਾਂ ਪੰਜਾਬ ਦੇ ਮੁੱਖ ਮੰਤਰੀ ਬਾਰੇ ਨਹੀਂ ਹੈ, ਇਹ ਸਿਰਫ਼ ਪੰਜਾਬ ਸਬੰਧੀ ਨਹੀਂ, ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਬਾਰੇ ਹੈ।