Farmer Protest: ਕਿਸਾਨ ਜਥੇਬੰਦੀਆਂ ਦੇ ਵੱਲੋਂ ਅੱਜ ਤੋਂ ਤਿੰਨ ਦਿਨਾਂ ਲਈ ਪ੍ਰਦਰਸ਼ਨ ਦੀ ਸ਼ੁਰੁਆਤ ਕੀਤੀ ਗਈ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।


ਇਸ ਮੌਕੇ ਕਿਸਾਨਾਂ ਦੇ ਵੱਡੇ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਪਹੁੰਚ ਗਏ ਹਨ ਜਿਸ ਤੋਂ ਬਾਅਦ ਮੋਹਾਲੀ ਦੇ 11 ਫੇਸ ਦੇ ਵਿੱਚ ਕਿਸਾਨਾਂ ਵੱਲੋਂ ਸਟੇਜ ਸਜਾ ਲਈ ਗਈ ਹੈ , ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਟਰਾਲੀਆਂ ਭਰ ਕੇ ਪਹੁੰਚ ਰਹੇ ਹਨ । 


ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ


ਕਿਸਾਨਾਂ ਦੀਆਂ ਮੁੱਖ ਮੰਗਾਂ ਹਨ ਕਿ ਕੇਂਦਰ ਸਰਕਾਰ ਐਮਐਸਪੀ ਨੂੰ ਕਾਨੂੰਨੀ ਅਧਿਕਾਰ ਦੇਵੇ, ਇਸ ਤੋਂ ਇਲਾਵਾ ਬਿਜਲੀ ਬਿੱਲ ਨੂੰ ਵਾਪਸ ਲਵੇ। ਲਖੀਮਪੁਰ ਖਿਰੀ ਦੇ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਹੜਾਂ ਦੇ ਵਿੱਚ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ।


ਦੱਸ ਦਈਏ ਕਿ ਕਿਸਾਨ ਕੇਂਦਰ ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਂਝ ਕਿਸਾਨਾਂ ਨੇ ਵੀ ਚੰਡੀਗੜ੍ਹ ਨੂੰ ਘੇਰਨ ਦਾ ਹੀ ਐਲਾਨ ਕੀਤਾ ਹੈ।



ਪੁਲਿਸ ਨੇ ਕੀਤੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ


ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਕੀਤੀ ਹੈ। ਇਸ ਵਿੱਚ ਚੰਡੀਗੜ੍ਹ ਪੁਲਿਸ ਦੇ ਜਵਾਨ ਪਹਿਲੀ ਪਰਤ ਵਿੱਚ ਤਾਇਨਾਤ ਹਨ। ਚੰਡੀਗੜ੍ਹ ਪੁਲਿਸ ਦੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਦੂਜੀ ਪਰਤ ਵਿੱਚ ਤਾਇਨਾਤ ਹਨ। ਉਨ੍ਹਾਂ ਦੇ ਨਾਲ ਵਜਰਾ ਵਾਹਨ ਤੇ ਜਲ ਤੋਪਾਂ ਵੀ ਤਾਇਨਾਤ ਹਨ। ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤੀਜੀ ਪਰਤ ਵਿੱਚ ਤਾਇਨਾਤ ਕੀਤਾ ਗਿਆ ਹੈ।