ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਿੱਲ਼ਜੁਲ ਸ਼ੁਰੂ ਹੋ ਗਈ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਅੱਜ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।

 

ਦੱਸ ਦਈਏ ਕਿ ਸੂਬੇ ਦੀਆਂ ਸਿਆਸੀ ਪਾਰਟੀਆਂ ਤੇ ਕਿਸਾਨਾਂ ਦਰਮਿਆਨ ਬਣੇ ਟਕਰਾਅ ਦੇ ਮਹੌਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸਿਆਸੀ ਧਿਰਾਂ ਨੂੰ ਖੇਤੀ ਕਾਨੂੰਨਾਂ ਤੇ ਖੇਤੀ ਮਾਮਲਿਆਂ ਪ੍ਰਤੀ ਪਹੁੰਚ ਤੇ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਕਰਨਗੇ।

 

ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਚਾਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਭਾਰਤੀ ਜਨਤਾ ਪਾਰਟੀ ਨੂੰ ਇਸ ਵਾਰਤਾਲਾਪ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ। ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਤੇ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ।

 

ਜ਼ਿਕਰਯੋਗ ਹੈ ਖੇਤੀ ਕਾਨੂੰਨਾਂ ਵਿਰੁਧ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਸੂਬੇ ਵਿੱਚ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦਰਮਿਆਨ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨ ਜਥੇਬੰਦੀਆਂ ਮੀਟਿੰਗ ਦੌਰਾਨ ਸਿਆਸੀ ਧਿਰਾਂ ’ਤੇ ਰਾਜਸੀ ਪ੍ਰੋਗਰਾਮ ਸ਼ੁਰੂ ਨਾ ਕਰਨ ਲਈ ਦਬਾਅ ਕਾਇਮ ਕਰ ਸਕਦੀਆਂ ਹਨ।

 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 'ਗੱਲ ਪੰਜਾਬ ਦੀ’ ਪ੍ਰੋਗਰਾਮ ਵਿਰੁੱਧ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਸੁਖਬੀਰ ਬਾਦਲ ਨੇ ਇਹ ਪ੍ਰੋਗਰਾਮ ਹਫਤੇ ਲਈ ਟਾਲ ਦਿੱਤਾ ਸੀ ਤੇ ਕਿਸਾਨ ਜਥੇਬੰਦੀਆਂ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ। ਸੁਖਬੀਰ ਬਾਦਲ ਦਾ ਇਹ ਪ੍ਰੋਗਰਾਮ 10 ਸਤੰਬਰ ਤੋਂ ਦੁਬਾਰਾ ਸ਼ੁਰੂ ਹੋਣਾ ਹੈ।

 

ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਵਿੱਚ ਭਾਜਪਾ ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਆਗੂਆਂ ਨੇ ਇਹ ਐਲਾਨ ਦਿੱਲੀ ਦੀ ਸਿੰਘੂ ਸਰਹੱਦ 'ਤੇ 32 ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਸੀ।