ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਬਿਆਨਾਂ ਕਾਰਨ ਘੇਰਿਆ ਹੈ। 'ਆਪ' ਪੰਜਾਬ ਦੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਵੱਲੋਂ ਦਿੱਤੇ ਬਿਆਨ ਕਿ 'ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ' ਨੂੰ ਗ਼ਲਤ ਕਰਾਰ ਦਿੱਤਾ ਹੈ।


ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਪੰਜਾਬ ਪ੍ਰਤੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਰੋੜਾ ਨੇ ਕਿਹਾ, "ਅਮਰਿੰਦਰ ਸਿੰਘ ਬਿਆਨ ਦੇ ਰਹੇ ਹਨ ਕਿ ਪੰਜਾਬ ਨੂੰ ਕਿਸਾਨਾਂ ਦੇ ਅੰਦੋਲਨ ਤੋਂ ਬਹੁਤ ਵੱਡਾ ਖ਼ਤਰਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਸਬੂਤ ਜਾਂ ਜਾਣਕਾਰੀ ਹੈ ਤਾਂ ਉਹ ਇਹ ਜਾਣਕਾਰੀ ਕੇਂਦਰ ਸਰਕਾਰ ਨਾਲ ਸਾਂਝੀ ਕਰਕੇ ਇਸ 'ਤੇ ਤੁਰੰਤ ਕਾਰਵਾਈ ਕਰਨ ਤਾਂ ਕਿ ਕਿਸੇ ਵੀ ਕੀਮਤ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ।"

ਅਮਨ ਅਰੋੜਾ ਨੇ ਕਿਹਾ, "5 ਸਾਲ ਪਹਿਲਾਂ 2017 ਦੀਆਂ ਚੋਣਾਂ ਤੋਂ ਪਹਿਲਾਂ ਮੌੜ ਬੰਬ ਧਮਾਕੇ ਨੇ ਪੂਰੀ ਤਰਾਂ ਪੰਜਾਬ ਦੀ ਸਿਆਸਤ ਨੂੰ ਬਦਲ ਕੇ ਰੱਖ ਦਿੱਤਾ ਸੀ ਤੇ ਅੱਜ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ 4 ਸਾਲਾਂ ਬਾਅਦ ਪੰਜਾਬ ਦਾ ਹਰ ਇੱਕ ਵਰਗ ਆਪਣੇ ਆਪ ਨੂੰ ਠਗਿਆ ਤੇ ਲੁੱਟਿਆ ਹੋਇਆ ਮਹਿਸੂਸ ਕਰ ਰਿਹਾ ਹੈ।"