Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਖਿਲਾਫ ਦਿੱਤੇ ਗਏ ਬਿਆਨ 'ਤੇ ਕਿਸਾਨ ਯੂਨੀਅਨ ਸਿੱਧੂਪੁਰ ਨੇ ਸਖਤ ਇਤਰਾਜ਼ ਜਤਾਇਆ ਹੈ। ਯੂਨੀਅਨ ਲੀਡਰਾਂ ਨੇ ਕਿਹਾ ਕਿ ਬਾਹਰੀ ਏਜੰਸੀਆਂ ਬੁਲਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਖਾਤੇ ਚੈੱਕ ਕਰਨ ਤੇ ਖੁਦ ਦੇ ਖਾਤੇ ਚੈੱਕ ਕਰ ਲਓ।


ਬਠਿੰਡਾ ਦੇ ਤਲਵੰਡੀ ਸਾਬੋ ਮੌੜ-ਮਾਨਸਾ ਹਾਈਵੇ ਤੇ ਬੈਠੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਕਿਸਾਨਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ ਕਿ ਜਥੇਬੰਦੀ ਦੇ ਕੁਝ ਲੋਕ ਪੈਸਿਆਂ ਦੇ ਲਾਲਚ ਖਾਤਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। 


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਨੂੰ ਕੋਈ ਸ਼ੌਕ ਨਹੀਂ ਦਿਨ ਰਾਤ ਠੰਢ ਵਿੱਚ ਬੈਠਣ ਦਾ। ਉਨ੍ਹਾਂ ਕਿਹਾ ਕਿ ਤੁਸੀਂ ਬੈਠ ਕੇ ਦਿਖਾਉ। ਸੂਬੇ ਦੇ ਮੁੱਖ ਮੰਤਰੀ ਨੂੰ ਅਜਿਹਾ ਬਿਆਨ ਦਿੰਦੇ ਸ਼ਰਮ ਆਉਣੀ ਚਾਹੀਦੀ ਹੈ ਜੋ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ, ਉਨ੍ਹਾਂ ਖਿਲਾਫ ਇਹ ਬੋਲ ਰਹੇ ਹੋ। 


ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਤਿਆਰ ਹਾਂ ਆਪਣੇ ਖਾਤੇ ਚੈੱਕ ਕਰਵਾਉਣ ਲਈ। ਤੁਸੀਂ ਵੀ ਕਰਵਾਓ ਪਤਾ ਲੱਗੂ ਕਿਸ ਨੂੰ ਕਿੰਨੀ ਫੰਡਿਗ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਾਡੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਸਾਡਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।


ਅੰਦੋਲਨਕਾਰੀ ਕਿਸਾਨਾਂ 'ਤੇ ਸੀਐਮ ਭਗਵੰਤ ਮਾਨ ਦਾ ਤਿੱਖਾ ਹਮਲਾ


ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਗੱਲ-ਗੱਲ 'ਤੇ ਧਰਨੇ ਲਾਉਣ ਦਾ ਰਿਵਾਜ ਹੀ ਹੋ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ 'ਤੇ ਧਰਨੇ ਲਾਉਣ ਦੀ ਬਜਾਏ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਏ ਜਾਣ।


ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਕੰਮਾਂ ਦਾ ਬਿਊਰਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੁਸ਼ਕਲਾਂ ਸਮਝਦੀ ਹੈ ਤੇ ਲਗਾਤਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਿੱਥੇ ਅਹਿਮ ਫ਼ੈਸਲੇ ਦੱਸੇ, ਉੱਥੇ ਹੀ ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ।