Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਇਸ ਵਾਰ 26 ਜਨਵਰੀ ਨੂੰ ਮੁੜ ਦੇਸ਼ ਭਰ ਦੀਆਂ ਸੜਕਾਂ ਉਪਰ ਟਰੈਕਟਰਾਂ ਦਾ ਹੜ੍ਹ ਆਏਗਾ। ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ।
Farmers Protest: ਇਸ ਵਾਰ 26 ਜਨਵਰੀ ਨੂੰ ਮੁੜ ਦੇਸ਼ ਭਰ ਦੀਆਂ ਸੜਕਾਂ ਉਪਰ ਟਰੈਕਟਰਾਂ ਦਾ ਹੜ੍ਹ ਆਏਗਾ। ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਕਿਸਾਨ ਹੁਣ ਅੰਦੋਲਨ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਵੀ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ।
ਦੱਸ ਦਈਏ ਕਿ ਪਿਛਲੇ 11 ਮਹੀਨਿਆਂ ਤੋਂ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਕਿਸਾਨ ਡਟੇ ਹੋਏ ਹਨ। ਖਨੌਰੀ ਬਾਰਡਰ ਉਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 44 ਦਿਨਾਂ ਤੋਂ ਮਰਨ ਵਰਤ ਉਪਰ ਬੈਠੇ ਹਨ। ਉਨ੍ਹਾਂ ਨੇ ਮਰਨ ਵਰਤ ਨੇ ਅੰਦੋਲਨ ਵਿੱਚ ਨਵੀਂ ਰੂਪ ਫੂਕ ਦਿੱਤੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਵੀ ਅੰਦੋਲਨ ਵਿੱਚ ਕੁੱਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਹੁਣ ਅੰਦੋਲਨ ਦੀ ਧਾਰ ਹੋਰ ਤਿੱਖੀ ਕਰਨ ਤੇ ਕੇਂਦਰ ਸਰਕਾਰ ’ਤੇ ਮੰਗਾਂ ਮਨਵਾਉਣ ਲਈ ਦਬਾਅ ਵਧਾਉਣ ਵਾਸਤੇ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਮੰਗਲਵਾਰ ਨੂੰ ਢਾਬੀ ਗੁੱਜਰਾਂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਅਹਿਮ ਮੀਟਿੰਗ ’ਚ ਲਿਆ ਗਿਆ। ਦੋਵੇਂ ਫੋਰਮਾਂ ਨੇ 10 ਜਨਵਰੀ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਤੋਂ ਇਲਾਵਾ 13 ਜਨਵਰੀ ਨੂੰ ਲੋਹੜੀ ਮੌਕੇ ਦੇਸ਼ ਭਰ ’ਚ ਮੰਡੀ ਮਾਰਕੀਟਿੰਗ ਖਰੜੇ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਪਹਿਲਾਂ ਹੀ ਉਲੀਕਿਆ ਹੋਇਆ ਹੈ।
ਇਸ ਦੌਰਾਨ ਕਿਸਾਨ ਨੇਤਾ ਅਭਿਮੰਨਿਊ ਕੋਹਾੜ ਨੇ ਦੱਸਿਆ ਕਿ ਉਲੀਕੇ ਗਏ ਤਿੰਨੋਂ ਹੀ ਪ੍ਰੋਗਰਾਮਾਂ ਦੌਰਾਨ ਦੇਸ਼ ਦਾ ਇੱਕ ਵੀ ਪਿੰਡ ਅਜਿਹਾ ਨਹੀਂ ਰਹਿਣਾ ਚਾਹੀਦਾ, ਜੋ ਇਨ੍ਹਾਂ ਪ੍ਰਦਰਸ਼ਨ ’ਚ ਸ਼ਰੀਕ ਨਾ ਹੋਵੇ। ਕਿਸਾਨ ਆਗੂਆਂ ਸੁਰਜੀਤ ਫੂਲ ਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇਸ਼ ਭਰ ਦੇ ਲੋਕਾਂ ਦਾ ਸਾਂਝਾ ਹੈ, ਜਿਸ ਨੂੰ ਜਿੱਤਣ ਲਈ ਹੁਣ ਨਾ ਸਿਰਫ਼ ਦੇਸ਼ ਦੇ ਸਾਰੇ ਸੂਬਿਆਂ ਬਲਕਿ ਸਮੂਹ ਪਿੰਡਾਂ ਨੂੰ ਵੀ ਪੂਰੀ ਤਾਕਤ ਲਾਉਣ ਦੀ ਲੋੜ ਹੈ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਦੁਹਰਾਇਆ ਕਿ ਕੇਂਦਰ ਨੂੰ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।
ਉਧਰ, ਢਾਬੀ ਗੁੱਜਰਾਂ ਬਾਰਡਰ ’ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਫੀ ਨਾਜੁਕ ਹੋ ਗਈ ਹੈ। ਉਥੇ ਮੌਜੂਦ ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਬੇਹੱਦ ਵਿਗੜ ਚੁੱਕੀ ਹੈ। ਕਿਡਨੀਆਂ ਤੇ ਲੀਵਰ ’ਤੇ ਅਸਰ ਦੇ ਨਾਲ ਹੀ ਉਨ੍ਹਾਂ ਦੇ ਹੋਰ ਅੰਗ ਵੀ ਕੰਮ ਕਰਨਾ ਛੱਡਦੇ ਜਾ ਰਹੇ ਹਨ। ਇੱਕ ਸੀਨੀਅਰ ਡਾਕਟਰ ਨੇ ਕਿਹਾ ਕਿ ਕਿਸੇ ਸਮੇਂ ਵੀ ਕੋਈ ਭਾਣਾ ਵਾਪਰ ਸਕਦਾ ਹੈ। ਪੰਜਾਬ ਸਰਕਾਰ ਦੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ।
ਕਿਸਾਨ ਆਗੂ ਅਭਿਮੰਨੀਊ ਕੋਹਾੜ ਨੇ ਕਿਹਾ, ‘ਰੱਬ ਭਲੀ ਕਰੇ, ਜੇ ਡੱਲੇਵਾਲ ਜੀ ਨੂੰ ਕੁਝ ਹੋ ਗਿਆ ਤਾਂ ਸ਼ਾਇਦ ਹਾਲਾਤ ’ਤੇ ਕੇਂਦਰ ਸਰਕਾਰ ਦਾ ਕੰਟਰੋਲ ਵੀ ਨਾ ਰਹੇ।’ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਹਾਲਾਤ ਨਾ ਬਣਨ ਦੇਵੇ ਕਿਉਂਕਿ ਜੇ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਇਹ ਕੇਂਦਰ ਸਰਕਾਰ ਦੇ ਮੱਥੇ ’ਤੇ ਕਦੇ ਵੀ ਨਾ ਪੂੰਝਿਆ ਜਾਣ ਵਾਲਾ ‘ਦਾਗ਼’ ਹੋਵੇਗਾ।