ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਲਗਾਤਾਰ ਜਾਰੀ ਹੈ। ਅਜਿਹੇ 'ਚ 26 ਜਨਵਰੀ ਨੂੰ ਹੋਣ ਵਾਲੀ ਟ੍ਰੈਕਟਰ ਪਰੇਡ 'ਚ ਸ਼ਾਮਲ ਹੋਣ ਲਈ ਵੱਡੇ ਪੱਧਰ 'ਤੇ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿੱਚ ਸ਼ੁਰੂ ਕੀਤਾ ‘ਰੇਲ ਰੋਕੋ ਅੰਦੋਲਨ’ ਅੱਜ ਕੜਾਕੇ ਦੀ ਠੰਢ ਦੌਰਾਨ 121ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਜਥੇਬੰਦੀ ਵੱਲੋਂ ਸਮੂਹ ਕਿਸਾਨਾਂ ਨੂੰ ਆਪਣੇ ਟਰੈਕਟਰਾਂ ਸਮੇਤ 24 ਜਨਵਰੀ ਤਕ ਦਿੱਲੀ ਪੁੱਜਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਭਰਵੀਂ ਗਿਣਤੀ ’ਚ ਸ਼ਮੂਲੀਅਤ ਹੋ ਸਕੇ।


ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ ਵਿੱਚ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਮੁੜ ਕਿਸੇ ਸਿੱਟੇ ’ਤੇ ਪੁੱਜੇ ਬਿਨਾਂ ਹੀ ਖਤਮ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਸਬੰਧੀ ਗੱਲਬਾਤ ਦਾ ਦੌਰ ਵੀ ਲਗਪਗ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਅਤੇ ਨੀਤੀ ਠੀਕ ਨਹੀਂ ਹੈ, ਇਸ ਲਈ ਕਿਸਾਨਾਂ ਦੇ 26 ਜਨਵਰੀ ਵਾਲੇ ਅੰਦੋਲਨ ਨੂੰ ਬਦਨਾਮ ਕੀਤਾ ਜਾ ਸਕਦਾ ਹੈ।


ਉਨ੍ਹਾਂ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਹਰੇਕ ਵਿਅਕਤੀ ਨੂੰ ਅਪੀਲ ਕੀਤੀ ਕਿ ਇਸ ਅੰਦੋਲਨ ਨੂੰ ਸ਼ਾਂਤਮਈ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ 24 ਜਨਵਰੀ ਤਕ ਟ੍ਰੈਕਟਰਾਂ ਸੇਮਤ ਦਿੱਲੀ ਪਹੁੰਚਣ ਤਾਂ ਜੋ 26 ਜਨਵਰੀ ਦੀ ਟ੍ਰੈਕਟਰ ਪਰੇਡ ਲਈ ਉਤਸ਼ਾਹ ਹੋਰ ਬਣ ਸਕੇ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ