ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਬਾਰੇ ਫੈਸਲਾ ਦਿੱਲੀ ਪੁਲਿਸ ਹੀ ਕਰੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਉਹ ਅਮਨ-ਕਾਨੂੰਨ ਦਾ ਮਾਮਲਾ ਹੈ। ਇਸ ਲਈ ਅਦਾਲਤ ਕੋਈ ਦਖਲ ਨਹੀਂ ਦੇਵੇਗੀ। ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ। ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਲਈ ਪਟੀਸ਼ਨ ਪਾਈ ਸੀ।
ਉਧਰ ਕਿਸਾਨਾਂ ਨੇ ਕਿਹਾ ਸੀ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ। ਕੇਂਦਰ ਸਰਕਾਰ ਨੇ ਦਿੱਲੀ ਪੁਲਿਸ ਰਾਹੀਂ ਦਾਖ਼ਲ ਅਰਜ਼ੀ ਵਿਚ ਕਿਸਾਨਾਂ ਦੀ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਪਰੇਡ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਤੇ ਰਾਸ਼ਟਰ ਵਿਰੋਧੀ ਤੇ ਸ਼ਰਮਿੰਦਾ ਕਰਨ ਵਾਲੀ ਦੱਸਿਆ ਸੀ। ਦਿੱਲੀ ਪੁਲਿਸ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਕਿਸਾਨਾਂ ਨੂੰ ਕਿਸੇ ਵੀ ਟਰੈਕਟਰ ਟਰਾਲੀ ਮਾਰਚ, ਕਿਸੇ ਕਿਸਮ ਦੀਆਂ ਗੱਡੀਆਂ ਨਾਲ ਜਾਂ ਹੋਰ ਰੂਪ ਵਿੱਚ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇ।