ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਡਟੀਆਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਰਿਲਾਇੰਸ ‘ਜੀਓ’ ਦੇ ਟਾਵਰ ਬੰਦ ਨਹੀਂ ਕੀਤੇ ਜਾਣਗੇ। ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ ਕਿ ਰਿਲਾਇੰਸ ‘ਜੀਓ’ ਟਾਵਰਾਂ ਨੂੰ ਤਾਲੇ ਲਾਉਣ ਜਾਂ ਬੰਦ ਕਰਨ ਦਾ ਕਦਮ ਫ਼ਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੀ ਆਨਲਾਈਨ ਪੜ੍ਹਾਈ ਵਿੱਚ ਵਿਘਨ ਨਾ ਪਵੇ।


ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਟਾਵਰ ਬੰਦ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ ਕਰੇ, ਜੇਕਰ ਅਜਿਹਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨ-ਤੋੜ ਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਇਸ ਮਗਰੋਂ ਕਿਸਾਨ ਜਥੇਬੰਦੀਆਂ ਨੇ ਟਾਵਰ ਬੰਦ ਨਾ ਕਰਨ ਦਾ ਫੈਸਲਾ ਕੀਤਾ ਹੈ ਪਰ ਜੀਓ ਦੇ ਸਿੰਮ ਬੰਦ ਕਰਵਾਉਣ ਦੀ ਮੁਹਿੰਮ ਜਾਰੀ ਰਹੇਗੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਵੇਖਦਿਆਂ ਫਿਲਹਾਲ ਟਾਵਰਾਂ ਨੂੰ ਤਾਲੇ ਨਹੀਂ ਲਾਏ ਜਾਣਗੇ। ਇਸ ਦੇ ਨਾਲ ਹੀ ਕੈਪਟਨ ਦੇ ਪੁਲਿਸ ਨੂੰ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਅਲੋਚਨਾ ਕਰਦਿਆਂ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਇਹ ਬਰਦਾਸ਼ਤ ਨਹੀਂ ਹੋਏਗਾ।

ਦੱਸ ਦਈਏ ਕਿ ਕੈਪਟਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਜਿਹੀਆਂ ਗਤੀਵਿਧੀਆਂ ਤੁਰੰਤ ਬੰਦ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਨਾਲ ਸੂਬੇ ਵਿੱਚ ਸੰਚਾਰ ਬਲੈਕਆਊਟ ਹੋ ਸਕਦਾ ਹੈ। ਇਸ ਨਾਲ ਵਿਦਿਆਰਥੀਆਂ ਤੇ ਕੰਮ ਕਰਦੇ ਪੇਸ਼ੇਵਰ ਵਿਅਕਤੀਆਂ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ।

ਸਰਕਾਰੀ ਬੁਲਾਰੇ ਅਨੁਸਾਰ ਬੀਤੇ ਕੁਝ ਦਿਨਾਂ ਵਿੱਚ 1561 ਮੋਬਾਈਲ ਟਾਵਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੋਮਵਾਰ ਤੋਂ 32 ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਰਕੇ 146 ਟਾਵਰ ਪ੍ਰਭਾਵਿਤ ਹੋਏ। ਇਸ ਨਾਲ ਬਾਕੀ 114 ਟਾਵਰਾਂ ਦੀਆਂ ਸੇਵਾਵਾਂ ਭੰਗ ਹੋ ਗਈਆਂ। ਹੁਣ ਤੱਕ 433 ਟਾਵਰਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਕੁੱਲ 22 ਜ਼ਿਲ੍ਹਿਆਂ ਵਿੱਚ 21306 ਮੋਬਾਈਲ ਟਾਵਰ ਹਨ।