Farmers Chakka Jam : ਪੰਜਾਬ ਸਰਕਾਰ ਵੱਲੋਂ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਕੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫੀ ਦੇ ਰੋਸ ਵਜੋਂ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਕੁੱਝ ਥਾਵਾਂ 'ਤੇ ਚੱਕਾ ਜਾਮ ਕੀਤਾ ਜਾਵੇਗਾ। ਰਾਜਪੁਰਾ ਪਟਿਆਲਾ ਰੋਡ 'ਤੇ ਢੱਡਰੀਆਂ ਵਾਲੇ ਜੱਟਾਂ, ਫਰੀਦਕੋਟ ਟਹਿਣਾ ਟੀ-ਪੁਆਇੰਟ, ਸ਼੍ਰੀ ਅੰਮ੍ਰਿਤਸਰ ਸਾਹਿਬ ਭੰਡਾਰੀ ਪੁਲ, ਤਿੰਨ ਕੌਨੀਆਂ ਪੁਲ ਮਾਨਸਾ ਰੋਡ, ਨੇੜੇ ਮੁਕੇਰੀਆਂ ਅਤੇ ਤਲਵੰਡੀ ਸਾਬੋ ਰੋਡ 'ਤੇ ਮੁੱਖ ਥਾਵਾਂ 'ਤੇ ਚੱਕਾ ਜਾਮ ਹੋਵੇਗਾ।

 


 

ਚੱਕਾ ਜਾਮ ਦਾ ਕਾਰਨ ਦਿੱਲੀ ਮੋਰਚੇ ਵਿੱਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਪੂਰੀਆਂ ਨਾ ਕਰਨਾ ਹੈ। ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ। ਇਸ ਦੇ ਲਈ ਲੋਕਾਂ ਨੂੰ ਸੜਕੀ ਆਵਾਜਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਹ ਐਲਾਨ SKM (ਸੰਯੁਕਤ ਕਿਸਾਨ ਮੋਰਚਾ) ਨੇ ਗੈਰ-ਸਿਆਸੀ ਤੌਰ 'ਤੇ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ 6 ਪੁਆਇੰਟ 'ਤੇ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਹੈ। ਡੱਲੇਵਾਲ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸੜਕਾਂ ਬਿਲਕੁਲ ਜਾਮ ਹੋਣ।

 




ਦੱਸ ਦੇਈਏ ਕਿ ਫਰੀਦਕੋਟ , ਅੰਮ੍ਰਿਤਸਰ , ਤਲਵੰਡੀ ਸਾਬੋ ਅਤੇ ਜ਼ਿਲ੍ਹਾ ਮਾਨਸਾ ਵਿੱਚ ਧਰਨਾ ਚੱਲਦੇ ਨੂੰ ਕਈ ਮਹੀਨੇ ਹੋ ਗਏ ਹਨ ਪਰ ਸਰਕਾਰ ਧਿਆਨ ਨਹੀਂ ਦੇ ਰਹੀ। ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਬੱਚਿਆਂ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਮਿਲੀ। ਡੱਲੇਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਸਰਕਾਰ ਨੇ ਇੱਕ ਮੰਗ ਮੰਨ ਲਈ ਸੀ ਕਿ ਜੋ ਜੁਮਲਾਮੁਸ਼ਤਰਕਾ ਮਾਲਕੀ ਵਾਲੀ ਜ਼ਮੀਨ ਦੇ ਮਾਲਕ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ।


ਇਸ ਮਾਮਲੇ ਵਿੱਚ ਸਰਕਾਰ ਅਤੇ ਕਿਸਾਨਾਂ ਦੀ ਇੱਕ ਕਮੇਟੀ ਵੀ ਬਣਾਈ ਗਈ ਹੈ ਪਰ ਸਰਕਾਰ ਨੇ ਮੰਗ ਮੰਨ ਕੇ ਮੁੜ ਪਿੱਛੇ ਹਟ ਗਈ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਜਿਹੜੀਆਂ ਜ਼ਮੀਨਾਂ ਖਾਲੀ ਪਈਆਂ ਹਨ, ਉਨ੍ਹਾਂ ਨੂੰ ਪੰਚਾਇਤੀ ਅਧਿਕਾਰ ਖੇਤਰ ਵਿੱਚ ਲਿਆਂਦਾ ਜਾਵੇ। ਸਰਕਾਰ ਸਾਡੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਗੁਲਾਬੀ ਮੱਖੀ ਅਤੇ ਚਿੱਟੀ ਮੱਖੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਗੰਨਾ ਕਾਸ਼ਤਕਾਰਾਂ ਨੂੰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।