ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਵਫ਼ਦ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬਰਨਾਲਾ ਤੋਂ ਰਵਾਨਾ ਹੋਇਆ। ਯੂਨੀਅਨ ਦੇ ਆਗੂ ਖੇਤੀ ਆਰਡੀਨੈਂਸ ਸਮੇਤ ਤਿੰਨੇ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਲਈ ਰਵਾਨਾ ਹੋਏ ਹਨ।



ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਆਰਡੀਨੈਂਸ ਕਿਸਾਨਾਂ ਦੀ ਤਬਾਹੀ ਹੈ ਤੇ ਇਸ ਨੂੰ ਵਾਪਸ ਕਰਵਾਉਣ ਲਈ ਉਨ੍ਹਾਂ ਵੱਲੋਂ ਬੀਤੇ ਦਿਨ ਪੰਜਾਬ ਵਿੱਚ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਵੀ ਕੀਤੇ ਗਏ। ਦਰਅਸਲ, ਕੁਝ ਕਿਸਾਨ ਦਿੱਲੀ ਵੱਲ ਕੂਚ ਕਰਨ ਲਈ ਜਾ ਰਹੇ ਸੀ ਜਿਨ੍ਹਾਂ ਨੂੰ ਹਰਿਆਣਾ ਪੁਲਿਸ ਵੱਲੋਂ ਰੋਕਿਆ ਗਿਆ। ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਨੂੰ ਖੇਤੀ ਆਰਡੀਨੈਂਸ ਵਾਪਸ ਲੈਣ ਤੇ ਪ੍ਰਧਾਨ ਮੰਤਰੀ ਨੂੰ ਇਸ ਮਸਲੇ ਉੱਤੇ ਮਿਲਣ ਲਈ ਸਮਾਂ ਲੈਣ ਵਾਸਤੇ ਮੰਗ ਪੱਤਰ ਦੇਣ ਜਾ ਰਹੇ ਹਨ।




ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਤਸੱਲੀਬਖਸ਼ ਜਵਾਬ ਨਾਂ ਮਿਲਿਆ ਤਾਂ ਉਹ ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਮੰਗ ਪੱਤਰ ਦੇਣ ਤਾਂ ਉਹ ਸੀਮਤ ਗਿਣਤੀ ਵਿੱਚ ਜਾ ਰਹੇ ਹਨ ਪਰ ਜੇ ਦਿੱਲੀ ਵੱਲ ਕੂਚ ਕਰਨਾ ਪਿਆ ਤਾਂ ਉਹ ਇਨ੍ਹਾਂ ਨਿਯਮਾਂ ਦੀ ਵੀ ਪਰਵਾਹ ਨਹੀਂ ਕਰਨਗੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਕੇ ਸੰਘਰਸ਼ ਵਿੱਡਣਗੇ।