Delhi Chalo Protest: ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਵਧ ਰਹੇ ਹਨ। ਸ਼ੰਭੂ ਬਾਰਡਰ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਤੋਂ ਹਰਿਆਣਾ ਜਾਣ ਵਾਲੀ ਸੜਕ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਤੋਂ ਦਿੱਲੀ ਆਉਣ ਵਾਲੀ ਸੜਕ ਨੂੰ ਵੀ ਕੁਝ ਸਮੇਂ ਵਿੱਚ ਸੀਲ ਕਰ ਦਿੱਤਾ ਜਾਵੇਗਾ।
ਜਾਣੋਂ ਹੁਣ ਤੱਕ ਅੰਦੋਲਨ 'ਚ ਕੀ ਕੁਝ ਹੋਇਆ ?
ਦਿੱਲੀ ਵਿੱਚ ਧਾਰਾ 144 ਲਾਗੂ ਹੈ। ਸਿੰਘੂ, ਟਿੱਕਰੀ, ਗਾਜ਼ੀਪੁਰ ਅਤੇ ਸ਼ੰਭੂ ਸਰਹੱਦਾਂ ਨੂੰ ਪੂਰੀ ਤਰ੍ਹਾਂ ਛਾਉਣੀਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ 'ਚ ਕਈ ਥਾਵਾਂ 'ਤੇ ਲੰਬੇ ਟ੍ਰੈਫਿਕ ਜਾਮ ਹਨ ਅਤੇ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਿੱਲੀ ਮੈਟਰੋ ਦੇ ਕਈ ਸਟੇਸ਼ਨਾਂ 'ਤੇ ਗੇਟ ਬੰਦ ਕਰ ਦਿੱਤੇ ਗਏ ਹਨ।
ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ ਕਈ ਮੰਗਾਂ 'ਤੇ ਪੂਰੀ ਤਰ੍ਹਾਂ ਅੜੇ ਹੋਏ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਸੜਕ ਜਾਮ ਕੀਤੀ ਹੈ, ਅਸੀਂ ਨਹੀਂ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸੰਘਰਸ਼ ਨਹੀਂ ਚਾਹੁੰਦੇ। ਅਸੀਂ ਸ਼ਾਂਤਮਈ ਅੰਦੋਲਨ ਦੇ ਹੱਕ ਵਿੱਚ ਹਾਂ। ਕੇਂਦਰ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਕਿਸਾਨ ਅਨਾਜ ਉਗਾਉਂਦੇ ਹਾਂ। ਅਸੀਂ ਡੰਡੇ ਤੇ ਗੋਲੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਸਰਕਾਰ ਸਿਰਫ਼ ਦਾਅਵਾ ਕਰਦੀ ਹੈ ਕਿ ਉਨ੍ਹਾਂ ਨੂੰ ਕਿਸਾਨਾਂ ਦੀ ਚਿੰਤਾ ਹੈ ਪਰ ਅਜਿਹਾ ਬਿਲਕੁਲ ਨਹੀਂ ਹੈ।
ਦੂਜੇ ਪਾਸੇ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਤਬਦੀਲ ਕਰਨ ਦੇ ਕੇਂਦਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।
ਦਿੱਲੀ-ਐਨਸੀਆਰ ਸਰਹੱਦ 'ਤੇ ਕਰੀਬ 18 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ। ਦਿੱਲੀ ਪੁਲਿਸ ਦੇ ਨਾਲ-ਨਾਲ ਰੈਪਿਡ ਐਕਸ਼ਨ ਫੋਰਸ, ਸੀਆਈਐਸਐਫ, ਬੀਐਸਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
ਸੁਰੱਖਿਆ ਬਲਾਂ ਦੇ ਜਵਾਨ ਡਰੋਨ ਰਾਹੀਂ ਵੀ ਨਿਗਰਾਨੀ ਕਰ ਰਹੇ ਹਨ। ਸਰਹੱਦ 'ਤੇ ਸੀਸੀਟੀਵੀ ਕੈਮਰੇ ਲਗਾ ਕੇ ਵੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?
ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੁੱਖ ਮੰਗਾਂ 'ਚ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਹੈ। ਇਸ ਦੇ ਨਾਲ ਹੀ ਕਿਸਾਨ ਬਿਜਲੀ ਐਕਟ-2020 ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਦੇ ਨਾਲ-ਨਾਲ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।