ਮੋਗਾ: ਕਿਸਾਨ ਯੂਨੀਅਨਾਂ ਵੱਲੋਂ ਲਗਾਤਾਰ ਖੇਤੀ ਕਨੂੰਨਾਂ ਵਿਰੁੱਧ ਰੋਸ਼ ਮੁਜ਼ਾਹਰੇ ਜਾਰੀ ਹਨ। ਇਸ ਦੇ ਨਾਲ ਹੀ ਕਿਸਾਨਾਂ ਅੰਦਰ ਬੀਜੇਪੀ ਖਿਲਾਫ ਰੋਹ ਵਧਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਘੇਰਨ ਦਾ ਪ੍ਰੋਗਰਾਮ ਬਣਾਇਆ ਹੈ। ਅੱਜ ਮੋਗਾ ਵਿੱਚ ਕਿਸਾਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਕਿਸਾਨ ਮੋਰਚਾ ਸੈੱਲ ਦੇ ਪ੍ਰਧਾਨ ਤਰਲੋਚਨ ਸਿੰਘ ਗਿੱਲ ਦੇ ਘਰ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ।



ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਔਰਤਾਂ ਤੇ ਬੱਚਿਆਂ ਸਮੇਤ ਕਿਸਾਨ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਏ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।



ਉਧਰ, ਕਿਸਾਨ ਇਸ ਗੱਲ 'ਤੇ ਡਟੇ ਹੋਏ ਹਨ ਕਿ ਸਰਕਾਰ ਹਰ ਹਾਲ 'ਚ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਲਈ ਕਈ ਮੰਤਰੀਆਂ ਦੀ ਡਿਉਟੀ ਵੀ ਲਾਈ ਹੈ ਜੋ ਲੋਕਾਂ ਨਾਲ ਵਰਚੁਅਲ ਤਰੀਕੇ ਰਾਹੀਂ ਗੱਲਬਾਤ ਕਰਨਗੇ।