Punjab News: ਪਿਛਲੇ ਲੰਮੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੂੰ ਪ੍ਰਦਰਸ਼ਨ ਕਰਦਿਆਂ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਦੀ ਸਰਕਾਰ ਨਾਲ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਦੱਸ ਦਈਏ ਕਿ ਹੁਣ ਫਿਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਮੀਟਿੰਗ ਦਾ ਸੱਦਾ ਦਿੱਤਾ ਹੈ।



ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਨ ਸਿੰਘ ਪੰਧੇਰ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਇਹ ਮੀਟਿੰਗ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਦੇ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਮਡੀਨਿਸਟ੍ਰੇਸ਼ਨ ਪੰਜਾਬ ਵਿਚ ਹੋਣ ਜਾ ਰਹੀ ਹੈ। 



ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਕਿਸਾਨਾਂ ਵੱਲੋਂ ਫ਼ਸਲਾਂ ਦੀ ਐੱਮ.ਐੱਸ.ਪੀ. 'ਤੇ ਖ਼ਰੀਦ ਸਬੰਧੀ ਕਾਨੂੰਨ ਬਣਾਉਣ ਤੋਂ ਇਲਾਵਾ ਪਹਿਲੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਪਰਚਿਆਂ ਨੂੰ ਰੱਦ ਕਰਵਾਉਣ ਦੇ ਨਾਲ-ਨਾਲ ਹੋਰ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਹਿਲਾਂ 22 ਫ਼ਰਵਰੀ ਨੂੰ ਵੀ ਮੀਟਿੰਗ ਹੋਈ ਸੀ। 




ਕਿਸਾਨਾਂ ਦੀ ਕੇਂਦਰ ਸਰਕਾਰ ਨੇ ਕਈ ਵਾਰ ਪਹਿਲਾਂ ਵੀ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵਿੱਚ ਵੀ ਕੋਈ ਗੱਲਬਾਤ ਨਹੀਂ ਬਣੀ, ਇੰਨਾ ਹੀ ਕਿਸਾਨਾਂ ਦੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੀਟਿੰਗ ਹੋ ਚੁੱਕੀ ਹੈ ਪਰ ਇਸ ਮੀਟਿੰਗ ਵਿੱਚ ਤਾਂ ਸੀਐਮ ਮਾਨ ਗੁੱਸੇ ਵਿੱਚ ਹੀ ਉੱਠ ਕੇ ਚਲੇ ਗਏ ਸਨ। ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਹਨ, ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਵੀ ਮਰਨ ਵਰਤ 'ਤੇ ਬੈਠੇ ਹਨ, ਉਨ੍ਹਾਂ ਦੀ ਹਾਲਤ ਵੀ ਕਾਫੀ ਨਾਜ਼ੁਕ ਬਣੀ ਪਈ ਹੈ ਪਰ ਉਹ ਕਿਸਾਨਾਂ ਦੇ ਹੱਕ ਲਈ ਆਪਣੀ ਪੂਰੀ ਹਿੰਮਤ ਨਾਲ ਲੜ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਭਲਕੇ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕੋਈ ਗੱਲਬਾਤ ਬਣਦੀ ਹੈ ਜਾਂ ਨਹੀਂ ਜਾਂ ਫਿਰ ਪਿਛਲੀ ਵਾਰ ਵਾਂਗੂ ਬੇਸਿੱਟਾ ਹੀ ਰਹੇਗੀ।