ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਬਾਰੇ ਸ਼ੁਕਰਵਾਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨ ਤੇ ਕੇਂਦਰੀ ਮੰਤਰੀਆਂ ਵਿਚਾਲੇ ਬੈਕਠ ਹੋ ਰਹੀ ਹੈ। ਕੇਂਦਰੀ ਰੇਲ ਮੰਤਰੀ ਪਿਉਸ਼ ਗੋਇਲ ਤੇ ਖੇਤੀ ਮੰਤਰੀ ਨਰੇਂਦਰ ਤੋਮਰ ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ।

ਸੂਚਨਾ ਮਿਲੀ ਹੈ ਕਿ ਗੱਲਬਾਤ ਦੌਰਾਨ ਮੰਤਰੀਆਂ ਨੇ ਕਿਸਾਨਾਂ ਦੀ ਕਲਾਸ ਲਾਉਣ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਲੱਗੇ। ਦੂਜੇ ਪਾਸੇ ਕਿਸਾਨ ਲੀਡਰ ਵੀ ਪੂਰੀ ਤਿਆਰੀ ਕਰਕੇ ਗਏ ਲੱਗਦੇ ਸੀ। ਉਨ੍ਹਾਂ ਨੇ ਮੰਤਰੀਆਂ ਕੋਲ ਆਪਣੇ ਖਦਸ਼ਿਆਂ ਨੂੰ ਰੱਖਦਿਆਂ ਦੱਸਿਆ ਕਿ ਇਹ ਕਾਨੂੰਨ ਕਿਸੇ ਵੀ ਤਰ੍ਹਾਂ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਕਿਸਾਨਾਂ ਨਾਲ ਮੀਟਿੰਗ ਰੱਖੀ ਸੀ ਜੋ ਸਿਰੇ ਨਹੀਂ ਚੜ੍ਹੀ ਸੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨਾਲ ਇੱਕ ਹੋਰ ਮੀਟਿੰਗ ਲਈ ਸੱਦਾ ਭੇਜਿਆ ਸੀ। ਦੱਸ ਦੇਈਏ ਕਿ ਕਿਸਾਨਾਂ ਨੇ ਕੇਂਦਰੀ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ।

ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਤੇ ਪਿਛਲੇ ਡੇਢ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਮਾਮਲੇ ਦਾ ਹੱਲ ਕੱਢਣ ਲਈ ਹੁਣ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਵੀ 14 ਅਕਤੂਬਰ ਨੂੰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਦਿੱਲੀ ਸੱਦਿਆ ਸੀ ਪਰ ਉਸ ਮੀਟਿੰਗ ਦੌਰਾਨ ਕਿਸੇ ਵੀ ਮੰਤਰੀ ਦੇ ਮੌਜੂਦ ਨਾ ਹੋਣ ਕਾਰਨ ਕਿਸਾਨ ਬੈਠਕ ਵਿਚੋਂ ਬਾਹਰ ਆ ਗਏ ਸੀ।

ਕਿਸਾਨਾਂ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਨੇ ਵਿਰੋਧ ਵਜੋਂ ਰੇਲਵੇ ਟ੍ਰੈਕ ਵੀ ਜਾਮ ਕੀਤੀ ਸੀ।ਜਿਸ ਕਾਰਨ ਪੰਜਾਬ ਅੰਦਰ ਕੋਲੇ ਤੇ ਹੋਰ ਜ਼ਰੂਰੀ ਵਸਤਾਂ ਦੀ ਭਾਰੀ ਕਿਲਤ ਵੀ ਆ ਗਈ। ਪੰਜਾਬ ਅੰਦਰ ਕੋਲਾ ਨਾ ਪਹੁੰਚਣ ਕਾਰਨ ਬਿਜਲੀ ਦੀ ਪ੍ਰੋਡਕਸ਼ਨ ਵੀ ਬੰਦ ਹੋ ਚੁੱਕੀ ਹੈ। ਫਿਲਹਾਲ ਕਿਸਾਨ ਮਾਲ ਗੱਡੀਆਂ ਦੀ ਆਵਾਜਾਈ ਨੂੰ ਇਜਾਜ਼ਤ ਦੇ ਚੁੱਕੇ ਹਨ ਪਰ ਕੇਂਦਰ ਦਾ ਕਹਿਣਾ ਹੈ ਕਿ ਉਹ ਮਾਲ ਅਤੇ ਯਾਤਰੀ ਗੱਡੀਆਂ ਇਕੱਠੇ ਚਲਾਏਗੀ।