ਨਵੀਂ ਦਿੱਲੀ: ਕਿਸਾਨ ਅੰਦੋਲਨ ਦਾ ਅਸਰ ਹੁਣ ਬਿਹਾਰ 'ਚ ਵੀ ਦਿੱਸਣ ਲੱਗਾ ਹੈ। ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਤੇ ਖੱਬੇ ਪੱਖੀ ਪਾਰਟੀਆਂ ਵੱਲੋਂ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟਨਾ 'ਚ ਰਾਜ ਭਵਨ ਵੱਲ ਮਾਰਚ ਕੀਤਾ। ਇਸ ਦੌਰਾਨ ਪੁਲਿਸ ਨੇ ਇਸ ਮਾਰਚ ਨੂੰ ਰਸਤੇ 'ਚ ਹੀ ਰੋਕ ਦਿੱਤਾ। ਇਸ ਤੋਂ ਬਾਅਦ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।


ਦੱਸ ਦਈਏ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨ ਦਿੱਲੀ ਸਰਹੱਦ ‘ਤੇ ਅੜੇ ਹੋਏ ਹਨ। ਉਨ੍ਹਾਂ ਦੀ ਗਿਣਤੀ ਹਜ਼ਾਰਾਂ ਵਿੱਚ ਹੈ। ਕਿਸਾਨ ਤੇ ਕਿਸਾਨ ਜਥੇਬੰਦੀਆਂ ਨੂੰ ਡਰ ਹੈ ਕਿ ਨਵੇਂ ਕਾਨੂੰਨ ਕਾਰਨ ਖੇਤੀਬਾੜੀ ਸੈਕਟਰ ਵਿੱਚ ਪੂੰਜੀਪਤੀਆਂ ਦਾ ਪ੍ਰਭਾਵ ਵਧੇਗਾ ਤੇ ਉਨ੍ਹਾਂ ਦੀ ਆਮਦਨੀ ਘੱਟ ਜਾਵੇਗੀ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੰਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦਿੱਤੀ ਜਾਵੇ। ਸਰਕਾਰ ਤੇ ਕਿਸਾਨਾਂ ਦਰਮਿਆਨ ਕਈ ਦੌਰਾਂ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਹ ਮੁਲਾਕਾਤਾਂ ਬੇਸਿੱਟਾ ਰਹੀਆਂ। ਸਰਕਾਰ ਇਸ ਸਮੇਂ ਨਵੇਂ ਕਾਨੂੰਨਾਂ ਨੂੰ ਲੈ ਕੇ ਚਲ ਰਹੇ ਅੰਦੋਲਨ ਨੂੰ ਖ਼ਤਮ ਕਰਨ ਵਿੱਚ ਅਸਫਲ ਰਹੀ ਹੈ। 40 ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੂੰ ਅਗਲੇ ਦੌਰ ਦੀ ਗੱਲਬਾਤ ਲਈ 30 ਦਸੰਬਰ ਨੂੰ ਬੁਲਾਇਆ ਗਿਆ ਹੈ।