Farmer Protest: ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰਬੰਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਿਸ਼ਾਨੇ ਉਪਰ ਆ ਗਈ ਹੈ। ਪੰਜਾਬ ਦੇ ਨਾਲ-ਨਾਲ ਵੱਡੀ ਗਿਣਤੀ ਹਰਿਆਣਾ ਦੇ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਜਥੇਬੰਦੀਆਂ ਆਪਣਏ ਲੀਡਰ  ਡੱਲੇਵਾਲ ਦੀ ਰਿਹਾਈ ਲਈ ਰਣਨੀਤੀ ਬਣਾ ਰਹੀਆਂ ਹਨ। ਅੱਜ ਬੁੱਧਵਾਰ ਨੂੰ ਖਨੌਰੀ ਬਾਰਡਰ ਉਪਰ ਮੀਟਿੰਗ ਕੀਤੀ ਜਾ ਰਹੀ ਹੈ। 


ਦੱਸ ਦਈਏ ਕਿ ਡੱਲੇਵਾਲ ਦੀ ਥਾਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝੰਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡੱਲੇਵਾਲ ਨੂੰ ਪੁਲਿਸ ਹਿਰਾਸਤ 'ਚੋਂ ਛੁਡਾਉਣ ਲਈ ਬਾਰਡਰ ਉਪਰ ਰਣਨੀਤੀ ਬਣਾਈ ਜਾ ਰਹੀ ਹੈ। ਹਰਿਆਣਾ ਦੇ ਸਿਰਸਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਖਨੌਰੀ ਸਰਹੱਦ ਵੱਲ ਰਵਾਨਾ ਹੋ ਗਏ ਹਨ। ਪੰਜਾਬ ਵਿੱਚੋਂ ਵੀ ਕਿਸਾਨ ਖਨੌਰੀ ਬਾਰਡਰ ਉਪਰ ਪਹੁੰਚ ਰਹੇ ਹਨ। 



ਉਧਰ, ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਭਗਵੰਤ ਮਾਨ ਸਰਕਾਰ ਵੀ ਨਰਮ ਪੈ ਗਈ ਹੈ। ਸੂਤਰਾਂ ਮੁਤਾਬਕ ਸ਼ਾਮ ਨੂੰ ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋ ਸਕਦੀ ਹੈ। ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਧਰ, ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੀਟਿੰਗ ਲਈ ਕਿਸੇ ਹੋਰ ਥਾਂ ਨਹੀਂ ਜਾਣਗੇ। ਉਹ ਮੀਟਿੰਗ ਖਨੌਰੀ ਬਾਰਡਰ ਉਪਰ ਹੀ ਕਰਨਗੇ।



ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਇਹ ਉਨ੍ਹਾਂ ਦੇ ਹੱਥ ਨਹੀਂ ਹੈ। ਹੁਣ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸੀਐਮ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਇੱਕ ਸੰਸਦ ਮੈਂਬਰ ਡੱਲੇਵਾਲ ਨੂੰ ਮਿਲਣ ਗਿਆ, ਪਰ ਮਿਲਣ ਨਹੀਂ ਦਿੱਤਾ ਗਿਆ। ਅਸੀਂ ਦੇਖ ਸਕਦੇ ਹਾਂ ਕਿ ਦਾਲ ਵਿੱਚ ਕੁਝ ਕਾਲਾ ਹੈ।


ਉਨ੍ਹਾਂ ਨੇ ਕਿਹਾ ਕਿ ਸਰਕਾਰ ਡੱਲੇਵਾਲ ਨੂੰ ਬੰਨ੍ਹ ਕੇ ਉਨ੍ਹਾਂ ਦੇ ਨੱਕ ਵਿੱਚ ਨਾਲੀ ਪਾ ਕੇ ਖੁਰਾਕ ਦੇ ਰਹੀ ਹੈ ਕਿਉਂਕਿ ਉਨ੍ਹਾਂ ਨੇ ਆਪ ਹੀ ਕਿਹਾ ਹੈ ਕਿ ਉਹ ਨਾ ਕੁਝ ਖਾਣਗੇ ਨਾ ਕੁਝ ਪੀਣਗੇ। ਉਨ੍ਹਾਂ ਦੀ ਮੌਜੂਦਾ ਹਾਲਤ ਬਾਰੇ ਨਾ ਤਾਂ ਹਸਪਤਾਲ ਤੇ ਨਾ ਹੀ ਕੋਈ ਸਰਕਾਰੀ ਬੁਲਾਰਾ ਕੁਝ ਦੱਸ ਰਿਹਾ ਹੈ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ, ਉਹ ਟਕਰਾਅ ਵਾਲੀ ਹੈ। ਇਸ ਨੂੰ ਲੈ ਕੇ ਅਸੀਂ ਪੰਜਾਬ ਭਰ ਵਿੱਚ ਲਗਾਤਾਰ ਤਿਆਰੀਆਂ ਕਰ ਰਹੇ ਹਾਂ।