ਕਿਸਾਨ ਜਥੇਬੰਦੀ ਦਾ ਐਲਾਨ: 5 ਜਨਵਰੀ ਨੂੰ ਫਿਰੋਜ਼ਪੁਰ 'ਚ ਨਹੀਂ ਹੋਣ ਦਿੱਤੀ ਜਾਵੇਗੀ ਪ੍ਰਧਾਨ ਮੰਤਰੀ ਦੀ ਰੈਲੀ
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਫੈਸਲਾ ਕੀਤਾ ਗਿਆ ਹੈ ਕਿ ਉਹ 5 ਜਨਵਰੀ ਨੂੰ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਤਿੱਖਾ ਵਿਰੋਧ ਕਰਨਗੇ
Punjab news : ਕਿਸਾਨ-ਮਜ਼ਦੂਰ ਜਥੇਬੰਦੀ 5 ਜਨਵਰੀ ਨੂੰ ਫਿਰੋਜ਼ਪੁਰ 'ਚ ਪ੍ਰਸਤਾਵਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨਹੀਂ ਹੋਣ ਦੇਵੇਗੀ। ਇਹ ਗੱਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸੂਬਾ ਕਮੇਟੀ ਦੇ ਮੁੱਖ ਦਫ਼ਤਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦੀ ਭਵਨ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਹੋਈ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਰੀ ਪ੍ਰੈਸ ਬਿਆਨ ਵਿਚ ਕਹੀ।
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਫੈਸਲਾ ਕੀਤਾ ਗਿਆ ਹੈ ਕਿ ਉਹ 5 ਜਨਵਰੀ ਨੂੰ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਤਿੱਖਾ ਵਿਰੋਧ ਕਰਨਗੇ ਅਤੇ ਕਿਸੇ ਵੀ ਕੀਮਤ ’ਤੇ ਰੈਲੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ 4 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਹੋਣ ’ਤੇ 8 ਜਨਵਰੀ ਨੂੰ ਪੰਜਾਬ ਭਰ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਕਿਸਾਨ ਆਗੂਆਂ ਪੰਨੂੰ ਅਤੇ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਵਿਚ ਰੈਲੀ ਕਰਨ ਦਾ ਕੋਈ ਹੱਕ ਨਹੀਂ ਹੈ। ਉਸ ਨੇ ਸਾਮਰਾਜੀ ਨੀਤੀਆਂ ਦੇ ਦਬਾਅ ਹੇਠ ਤਿੰਨ ਖੇਤੀ ਕਾਨੂੰਨ ਲਾਗੂ ਕਰ ਕੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨੂੰ ਸਾਲ ਭਰ ਦਿੱਲੀ ਦੀਆਂ ਸੜਕਾਂ 'ਤੇ ਰੁਲਾਇਆ ਹੈ। ਇਸ ਦੌਰਾਨ 750 ਕਿਸਾਨ ਸ਼ਹੀਦ ਹੋਏ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਭਾਜਪਾ ਨੇ ਇਸ 'ਤੇ ਇਕ ਸ਼ਬਦ ਵੀ ਨਹੀਂ ਕਿਹਾ।
ਉਨ੍ਹਾਂ ਕਿਹਾ ਕਿ ਮੋਦੀ ਨੂੰ ਤੁਰੰਤ ਕਿਸਾਨਾਂ ਦੀਆਂ ਬਾਕੀ ਮੰਗਾਂ ਮੰਨਣ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਸੰਸਦ ਵਿਚ ਮੋਰਚੇ ਦੇ ਸ਼ਹੀਦਾਂ ਨੂੰ ਸ਼ਹੀਦ ਐਲਾਨ ਕੇ ਇਕ ਕਰੋੜ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਬਿਜਲੀ ਸੋਧ 2020 ਨੂੰ ਤੁਰੰਤ ਰੱਦ ਕਰਨ, ਲਖੀਮਪੁਰ ਖੇੜੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਕਿਸਾਨ ਆਗੂਆਂ 'ਤੇ ਦਰਜ 302 ਦੇ ਪਰਚੇ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਵੀ ਐਲਾਨ ਕਰੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904