Farmers Protest: ਕਿਸਾਨ ਜਥੇਬੰਦੀਆਂ ਕਰਨਗੀਆਂ ਅੱਜ ਵੱਡਾ ਐਲਾਨ! ਬੋਲੇ...ਹੁਣ ਮੋਦੀ ਸਰਕਾਰ ਮੰਗਾਂ ਮੰਨਣ ਲਈ ਮਜਬੂਰ ਹੋ ਜਾਏਗੀ
ਪੰਜਾਬ ਦੇ ਹਜ਼ਾਰਾਂ ਕਿਸਾਨ ਹਰਿਆਣਾ ਦੇ ਸ਼ੰਭੂ, ਖਨੌਰੀ ਤੇ ਡੱਬਵਾਲੀ ਬਾਰਡਰਾਂ 'ਤੇ ਡਟੇ ਹੋਏ ਹਨ। ਦੂਜੇ ਪਾਸੇ ਸਰਕਾਰ ਵੀ ਟਸ ਤੋਂ ਮਸ ਨਹੀਂ ਹੋਈ ਜਿਸ ਕਰਕੇ ਕਿਸਾਨਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ।
Farmers Protest: ਅੱਜ ਕਿਸਾਨ ਅੰਦੋਲਨ-2 ਦਾ 30ਵਾਂ ਦਿਨ ਹੈ। ਪੰਜਾਬ ਦੇ ਹਜ਼ਾਰਾਂ ਕਿਸਾਨ ਹਰਿਆਣਾ ਦੇ ਸ਼ੰਭੂ, ਖਨੌਰੀ ਤੇ ਡੱਬਵਾਲੀ ਬਾਰਡਰਾਂ 'ਤੇ ਡਟੇ ਹੋਏ ਹਨ। ਦੂਜੇ ਪਾਸੇ ਸਰਕਾਰ ਵੀ ਟਸ ਤੋਂ ਮਸ ਨਹੀਂ ਹੋਈ ਜਿਸ ਕਰਕੇ ਕਿਸਾਨਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ। ਇਸ ਲਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੱਜ ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕਰਨਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਵੱਡਾ ਐਲਾਨ ਕੀਤਾ ਜਾਵੇਗਾ। ਇਸ ਐਲਾਨ ਤੋਂ ਬਾਅਦ ਪੰਜਾਬ ਤੇ ਕੇਂਦਰ ਦੀ ਸਿਆਸਤ ਗਰਮਾ ਜਾਵੇਗੀ ਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਹੋ ਜਾਵੇਗੀ। ਪੰਧੇਰ ਨੇ ਦੱਸਿਆ ਕਿ ਦੁਪਹਿਰ 3 ਵਜੇ ਤੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬ ਦਾ ਆਰਥਿਕ ਨੁਕਸਾਨ ਕਰ ਰਹੀ ਹੈ। ਵਪਾਰੀ ਵਰਗ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
ਕਿਸਾਨ ਲੀਡਰ ਨੇ ਕਿਹਾ ਕਿ ਹਰਿਆਣਾ ਨੂੰ ਖੁੱਲ੍ਹੀ ਜੇਲ੍ਹ ਬਣਾ ਦਿੱਤਾ ਗਿਆ ਹੈ। ਦਿੱਲੀ ਦੇ ਕਾਰੋਬਾਰੀਆਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ 400 ਤੋਂ ਪਾਰ ਦਾ ਨਾਅਰਾ ਦੇ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੇ CAA ਲਾਗੂ ਕਰ ਦਿੱਤਾ ਹੈ। ਸਰਕਾਰ ਚਾਹੁੰਦੀ ਹੈ ਕਿ ਹਿੰਦੂ-ਮੁਸਲਿਮ ਤੇ ਹਿੰਦੂ-ਸਿੱਖ ਆਪਸ ਵਿੱਚ ਲੜਨ, ਪਰ ਉਨ੍ਹਾਂ ਦੀ ਕੋਈ ਸੁਣਨ ਵਾਲੀ ਨਹੀਂ। ਪੰਧੇਰ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨਾ ਹੋਵੇਗਾ। ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।
ਦੱਸ ਦਈਏ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ ਚਾਰ ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਡਟੇ ਰਹਿਣਗੇ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕੀਤਾ ਜਾ ਰਿਹਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੀ ਸ਼ਿਰਕਤ ਕਰਨਗੇ।