ਚੰਡੀਗੜ੍ਹ: ਖੇਤੀ ਕਾਨੂੰਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਮੁੜ ਕਸੂਤਾ ਘਿਰ ਗਿਆ ਹੈ। ਇੱਕ ਪਾਸੇ ਕਾਂਗਰਸ ਤੇ ਆਮ ਆਦਮੀ ਪਾਰਟੀ ਸਣੇ ਵਿਰੋਧੀ ਧਿਰਾਂ ਅਕਾਲੀ ਦਲ ਨੂੰ ਘੇਰ ਰਹੀਆਂ ਹਨ, ਉਧਰ ਵਿਧਾਨ ਸਭਾ ਤੋਂ ਛੇ ਮਹੀਨੇ ਪਹਿਲਾਂ ਹੀ ਚੋਣ ਪ੍ਰਚਾਰ ਸ਼ੁਰੂ ਕਰਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਿਸਾਨ ਯੂਨੀਅਨਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਇਸ ਨੂੰ ਵੇਖਦਿਆਂ ਹਾਲ ਦੀ ਘੜੀ ਸੁਖਬੀਰ ਬਾਦਲ ਨੇ ਆਪਣੇ ਪ੍ਰਗੋਰਾਮ ਹਫਤੇ ਲਈ ਟਾਲ ਦਿੱਤੇ ਹਨ।


ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕਾਂ ਦੀ ਨਬਜ਼ ਟੋਹਣ ਲਈ 100 ਦਿਨਾਂ ਦੀ ਪੰਜਾਬ ਯਾਤਰਾ ਸ਼ੁਰੂ ਕੀਤੀ ਹੈ। ਇਸ ਦੌਰਾਨ ਉਹ ਹਰ ਹਲਕੇ ਵਿੱਚ ਜਾ ਰਹੇ ਹਨ ਤੇ ਲੋਕਾਂ ਨੂੰ ਮਿਲ ਰਹੇ ਹਨ। ਉਹ ਹਰ ਹਲਕੇ ਵਿੱਚ ਉਮੀਦਵਾਰਾਂ ਦੀ ਐਲਾਨ ਵੀ ਕਰੀ ਜਾ ਰਹੇ ਹਨ। ਸੁਖਬੀਰ ਬਾਦਲ ਦਾ ਇਹ ਪੈਂਤੜਾ ਹੁਣ ਪੁੱਛਾ ਪੈਂਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਕਿਸਾਨ ਉਨ੍ਹਾਂ ਦਾ ਘਿਰਾਓ ਕਰ ਰਹੇ ਹਨ ਜਿਸ ਕਰਕੇ ਟਕਰਾਅ ਵਾਲੀ ਸਥਿਤੀ ਬਣ ਰਹੀ ਹੈ। ਪਿੱਛਲੇ ਦਿਨੀਂ ਮੋਗਾ ਵਿੱਚ ਤਾਂ ਹਾਲਾਤ ਕਾਫੀ ਵਿਗੜ ਗਏ ਸੀ।


ਇਸ ਬਾਰੇ ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਇਸ ਵੇਲੇ ਚੋਣ ਪ੍ਰਚਾਰ ਦੀ ਥਾਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਹੰਭਲਾ ਮਾਰਨਾ ਚਾਹੀਦੀ ਹੈ। ਕਿਸਾਨ ਯੂਨੀਅਨਾਂ ਇਸ ਗੱਲੋਂ ਵੀ ਔਖੀਆਂ ਹਨ ਕਿ ਸੁਖਬੀਰ ਬਾਦਲ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਹੀ ਚੋਣ ਮੁਹਿੰਮ ਤਹਿਤ ਰੈਲੀਆਂ ਕਰਨ ਲੱਗੇ ਹਨ ਜਿਨ੍ਹਾਂ ਦਾ ਕਿਸਾਨ ਵਿਰੋਧ ਕਰ ਰਹੇ ਹਨ। ਇਸ ਨਾਲ ਮਾਹੌਲ ਵਿਗੜ ਰਿਹਾ ਹੈ ਜੋ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰੇਗਾ।


ਇਸ ਬਾਰੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹੋ ਰਹੀਆਂ ਹਿੰਸਕ ਘਟਨਾਵਾਂ ਲਈ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਧਿਰਾਂ ਆਪਣੇ ਹਿੱਤਾਂ ਲਈ ਕਿਸਾਨੀ ਦਾ ਝੰਡਾ ਚੁੱਕ ਕੇ ਹੋਰ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕਰ ਰਹੀਆਂ ਹਨ ਜਿਸ ਨਾਲ ਪਿੰਡਾਂ ਵਿੱਚ ਟਕਰਾਅ ਪੈਦਾ ਹੋ ਰਿਹਾ ਹੈ।


ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੇ ਅੱਜ ਤੱਕ ਲੋਕ ਪੱਖੀ ਕੋਈ ਕੰਮ ਨਹੀਂ ਕੀਤੇ ਹਨ। ‘ਪਿੰਡਾਂ ਵਿੱਚ ਆਪਣੀ ਸਿਆਸੀ ਜ਼ਮੀਨ ਲੱਭਣ ਲਈ ਉਨ੍ਹਾਂ ਚੋਣ ਸਰਗਰਮੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ, ਜਿਸ ਦਾ ਲੋਕ ਵਿਰੋਧ ਕਰ ਰਹੇ ਹਨ।’ ਰਾਜੇਵਾਲ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਪ੍ਰਚਾਰ ਕਰਨ ਦੀ ਥਾਂ ’ਤੇ ਕਿਸਾਨਾਂ ਦੇ ਮੁੱਦੇ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਤਾਂ ਜੋ ਖੇਤੀ ਕਾਨੂੰਨਾਂ ਖ਼ਿਲਾਫ਼ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ।


ਉਨ੍ਹਾਂ ਸਪੱਸ਼ਟ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਰਫ਼ ਭਾਜਪਾ ਦਾ ਘਿਰਾਓ ਕਰਨ ਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਪੁੱਛਣ ਦਾ ਹੀ ਸੱਦਾ ਦਿੱਤਾ ਗਿਆ ਹੈ ਪਰ ਸਿਆਸੀ ਪਾਰਟੀਆਂ ਵੱਲੋਂ ਜਾਣ-ਬੁਝ ਕੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਛੇੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਆਸੀ ਆਗੂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੰਦੇ ਹਨ ਤਾਂ ਲੋਕ ਉਨ੍ਹਾਂ ਦਾ ਵਿਰੋਧ ਕਰਦੇ ਹਨ।


ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਕੋਈ ਵੀ ਗੱਲਬਾਤ ਬਾਦਲਾਂ ਨੂੰ ਕਿਸਾਨ ਭਾਈਚਾਰੇ ’ਤੇ ਗੈਰ-ਜਮਹੂਰੀ ਖੇਤੀ ਕਾਨੂੰਨ ਥੋਪਣ ’ਚ ਨਿਭਾਈ ਭੂਮਿਕਾ ਤੋਂ ਮੁਕਤ ਨਹੀਂ ਕਰ ਸਕਦੀ। ਬਾਦਲ ਜਿੱਥੇ ਇਸ ਸਾਰੀ ਸਮੱਸਿਆ ਦੀ ਜੜ੍ਹ ਹਨ, ਉੱਥੇ ਹੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦੀ ਸਾਜ਼ਿਸ਼ ਵਿੱਚ ਵੀ ਇਨ੍ਹਾਂ ਦੀ ਮਿਲੀਭੁਗਤ ਸੀ ਜਿਸ ਕਰ ਕੇ ਅਕਾਲੀ ਨਾ ਤਾਂ ਕਿਸਾਨਾਂ ਨਾਲ ਸਮਝ ਪੈਦਾ ਕਰਨ ਜਾਂ ਮੁਆਫੀ ਮੰਗਣ ਦੇ ਲਾਇਕ ਹਨ ਤੇ ਨਾ ਹੀ ਇਸ ਦੀ ਕੋਈ ਆਸ ਰੱਖ ਸਕਦੇ ਹਨ।


ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਅਕਾਲੀਆਂ ਦੇ ਰਵੱਈਏ ਦੀ ਮਿਸਾਲ ਤਾਂ ਇਸ ਗੱਲ ਤੋਂ ਮਿਲਦੀ ਹੈ ਕਿ ਹੁਣ ਵੀ ਕਿਸਾਨਾਂ ਦੀ ਪੀੜਾ ਤੇ ਵੇਦਨਾ ਦਾ ਅਹਿਸਾਸ ਕਰਨ ਦੀ ਬਜਾਏ ਸੁਖਬੀਰ ਬਾਦਲ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਮੰਨਣ ਤੋਂ ਹੀ ਇਨਕਾਰੀ ਹੈ ਤੇ ਉਨ੍ਹਾਂ ’ਤੇ ਹੋਰ ਸਿਆਸੀ ਪਾਰਟੀਆਂ ਪ੍ਰਤੀ ਵਫ਼ਾਦਾਰ ਹੋਣ ਦੇ ਦੋਸ਼ ਲਗਾ ਕੇ ਬੇਇੱਜ਼ਤ ਕਰ ਰਿਹਾ ਹੈ।


ਮੁੱਖ ਮੰਤਰੀ ਨੇ ਕਿਹਾ, “ਜੇਕਰ ਤੁਸੀਂ (ਸੁਖਬੀਰ) ਇਕ ਕਿਸਾਨ ਨੂੰ ਪਛਾਣ ਤੱਕ ਨਹੀਂ ਸਕਦੇ ਤਾਂ ਫੇਰ ਤੁਸੀਂ ਕਿਸਾਨਾਂ ਦਾ ਭਰੋਸਾ ਤੇ ਵਿਸ਼ਵਾਸ ਹਾਸਲ ਕਰਨ ਦੀ ਆਸ ਕਿਵੇਂ ਕਰ ਸਕਦੇ ਹੋ।” ਉਨ੍ਹਾਂ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਚੋਣ ਪ੍ਰੋਗਰਾਮ ਮੁਲਤਵੀ ਕੀਤੇ ਜਾਣ ਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਪੈਨਲ ਦਾ ਗਠਨ ਕੀਤੇ ਜਾਣ ਨੂੰ ਵੋਟਰਾਂ ਨੂੰ ਰਿਝਾਉਣ ਦੀ ਕਾਰਵਾਈ ਕਰਾਰ ਦਿੱਤਾ।


ਇਹ ਵੀ ਪੜ੍ਹੋ: Global Leader Approval Rating: ਇਸ ਮਾਮਲੇ 'ਚ ਪੀਐਮ ਮੋਦੀ ਨੇ ਜੋਅ ਬਾਇਡਨ ਅਤੇ ਬੋਰਿਸ ਜਾਨਸਨ ਨੂੰ ਵੀ ਛੱਡਿਆ ਪਿੱਛੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904