Farmers Preotest in Sangrur: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਅਣਮਿਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚਾ ਮਘਣ ਲੱਗਾ ਹੈ। ਇਹ ਮੋਰਚਾ ਹੁਣ ਦਿੱਲੀ ਕਿਸਾਨ ਅੰਦੋਲਨ ਦੀ ਤਰਜ਼ ਉੱਪਰ ਅੱਗੇ ਵਧ ਰਿਹਾ ਹੈ। ਸੜਕਾਂ ਕਿਸਾਰੇ ਖੜ੍ਹੀਆਂ ਟਰਾਲੀਆਂ ਵੇਖ ਦਿੱਲੀ ਟਿੱਕਰੀ ਬਾਰਡਰ ਦੀ ਯਾਦ ਆਉਂਦੀ ਹੈ।
ਦੱਸ ਦਈਏ ਕਿ ਧਰਨੇ ਵਿੱਚ ਵੀ ਦਿੱਲੀ ਵਾਂਗ ਸੜਕ ਕਿਨਾਰੇ ਕਿਸਾਨਾਂ ਦੀਆਂ ਟਰਾਲੀਆਂ ਖੜ੍ਹੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਰੈਣ ਬਸੇਰੇ ਬਣਾਇਆ ਹੋਇਆ ਹੈ। ਇੱਥੇ ਲੰਗਰ ਵਰਤਾਏ ਜਾ ਰਹੇ ਹਨ ਤੇ ਲੋਕ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੇ ਹਨ। ਅੱਜ ਮੋਰਚੇ ਦੇ ਪੰਜਵੇਂ ਦਿਨ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ 15 ਅਕਤੂਬਰ ਦੇ ਲਲਕਾਰ ਦਿਵਸ ਵਾਸਤੇ ਲਾਮਬੰਦੀ ਲਈ ਦਿਨ-ਰਾਤ ਇੱਕ ਕਰਨ ਦਾ ਸੱਦਾ ਦਿੱਤਾ ਹੈ।
ਬੁੱਧਵਾਰ ਨੂੰ ਪੱਕੇ ਮੋਰਚੇ ਦੇ ਚੌਥੇ ਦਿਨ ਬਸੰਤੀ ਰੰਗ ਦੀਆਂ ਚੁੰਨੀਆਂ ਵਾਲੀਆਂ ਕਿਸਾਨ ਬੀਬੀਆਂ ਦਾ ਹੜ੍ਹ ਆਇਆ ਹੋਇਆ ਸੀ। ਮੋਰਚੇ ਦੀ ਸਟੇਜ ਵੀ ਕਿਸਾਨ ਬੀਬੀਆਂ ਹੱਥ ਰਹੀ। ਸਟੇਜ ਸਕੱਤਰ ਤੇ ਬੁਲਾਰਿਆਂ ਦੀ ਜ਼ਿੰਮੇਵਾਰੀ ਵੀ ਔਰਤਾਂ ਨੇ ਹੀ ਨਿਭਾਈ ਤੇ ਬੁਲੰਦ ਆਵਾਜ਼ ਵਿੱਚ ਤਿੱਖੀਆਂ ਤਕਰੀਰਾਂ ਰਾਹੀਂ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ਵਿਚ ਕੁੱਦਣ ਦਾ ਸੱਦਾ ਦਿੱਤਾ।
ਯੂਨੀਅਨ ਦੀ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ਼ ਲਾਇਆ ਕਿ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਮੰਗਾਂ ਬਾਰੇ ਮੁੱਖ ਮੰਤਰੀ ਵਲੋਂ ਵੱਟੀ ਚੁੱਪ ਖ਼ਿਲਾਫ਼ ਕਿਸਾਨਾਂ ਵਿੱਚ ਰੋਸ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਦੀ ਚੁੱਪ ਤੋੜਨ ਤੇ ਸਰਕਾਰ ਦੇ ਕੰਨ ਖੋਲ੍ਹਣ ਲਈ 15 ਅਕਤੂਬਰ ਨੂੰ ਹੋਣ ਵਾਲੀ ‘ਲਲਕਾਰ ਰੈਲੀ’ ਸਰਕਾਰ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਤੇ ਹਜ਼ਾਰਾਂ ਦੀ ਗਿਣਤੀ ’ਚ ਔਰਤਾਂ ਰੈਲੀ ਵਿੱਚ ਸ਼ਾਮਲ ਹੋ ਕੇ ਹਾਕਮਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੀਆਂ।
ਜਸਵੀਰ ਕੌਰ ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਅੰਨਦਾਤੇ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਸੜਕਾਂ ਉਪਰ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਕਿਸਾਨੀ ਨੂੰ ਤਬਾਹ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਲਈ ਨਿੱਤ ਨਵੇਂ ਫ਼ਰਮਾਨ ਜਾਰੀ ਕੀਤਾ ਜਾ ਰਹੇ ਹਨ ਪਰ ਖੇਤਾਂ ਦੇ ਪੁੱਤ ਸਰਕਾਰੀ ਧਮਕੀਆਂ ਤੋਂ ਡਰਨ ਵਾਲੇ ਨਹੀਂ। ਕਰਮਜੀਤ ਕੌਰ ਮੋਗਾ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦਾ ਕੋਈ ਸ਼ੌਕ ਨਹੀਂ ਸਗੋਂ ਮਜਬੂਰੀ ਹੈ ਤੇ ਸਰਕਾਰ ਨੂੰ ਪਰਾਲੀ ਦਾ ਯੋਗ ਪ੍ਰਬੰਧ ਕਰਨਾ ਚਾਹੀਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ