Farmers Protest: ਪੰਜਾਬ ਅੰਦਰ ਟੌਲ ਪਲਾਜ਼ਿਆਂ ਉੱਪਰ ਧਰਨਿਆਂ ਮਗਰੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਜਥੇਬੰਦੀ ਨੇ ਕਿਹਾ ਹੈ ਕਿ 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਅੰਦਰ ਕਿਸਾਨ ਅੰਦਲੋਨ ਹੋਰ ਤੇਜ਼ ਹੋਏਗਾ ਜਿਸ ਨਾਲ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। 



ਇਸ ਬਾਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਮਨਵਾਉਣ ਤੇ 29 ਜਨਵਰੀ 2021 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ’ਤੇ ਭਾਜਪਾ ਆਗੂਆਂ ਵੱਲੋਂ ਹਮਲਾ ਕਰਵਾਉਣ ਦੇ ਦੋਸ਼ ਹੇਠ ਕੇਸ ਦਰਜ ਕਰਵਾਉਣ ਲਈ 26 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਕਾਨਫਰੰਸਾਂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।


ਕਿਸਾਨ ਆਗੂਆਂ ਨੇ ਦੱਸਿਆ ਕਿ ਗੁਰਦਾਸਪੁਰ ਰੇਲਵੇ ਟਰੈਕ ’ਤੇ ਧਰਨਾ ਜਾਰੀ ਰਹੇਗਾ ਜਦਕਿ ਬਾਕੀ ਪੰਜਾਬ ਵਿੱਚ ਧਰਨੇ ਚੁੱਕ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ 11 ਜਨਵਰੀ ਨੂੰ ਜ਼ੀਰਾ ਸ਼ਰਾਬ ਫੈਕਟਰੀ ਦੇ ਚੱਲ ਰਹੇ ਘੋਲ ਦੀ ਹਮਾਇਤ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। 



ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਅਧੀਨ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਰੇਟਾਂ ਵਿੱਚ ਭਾਰੀ ਅੰਤਰ ਹੋਣ ਕਰਕੇ ਕਿਸਾਨਾਂ ਦੀ ਵੱਡੀ ਪੱਧਰ ਉਤੇ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਜ਼ਮੀਨਾਂ ਦੇ ਰੇਟ ਇਕਸਾਰ ਨਹੀਂ ਕੀਤੇ ਜਾਦੇ, ਓਨਾ ਚਿਰ ਤੱਕ ਉੱਕਤ ਜ਼ਮੀਨਾਂ ਦੇ ਕਬਜ਼ੇ ਨਹੀਂ ਕਰਨ ਦਿੱਤੇ ਜਾਣਗੇ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਕੇ ਲਗਾਤਾਰ ਭਾਰੀ ਪੁਲਿਸ ਦੀ ਮਦਦ ਨਾਲ ਜਬਰੀ ਕਬਜ਼ਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦੀ ਕਿਸਾਨ ਆਗੂਆਂ ਨੇ ਸਖਤ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸ਼ਰਾਬ ਫੈਕਟਰੀ ਤੇ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਸਨਅਤਾਂ ਜੋ ਪਾਣੀ ਖਰਾਬ ਕਰ ਰਹੀਆਂ ਹਨ, ਉਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇ।