Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ।
Farmers Protest: ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਪੁਲਿਸ ਨੇ ਡੱਲੇਵਾਲ ਨੂੰ ਧੱਕੇ ਨਾਲ ਹਿਰਾਸਤ ਵਿੱਚ ਲਿਆ ਹੈ। ਕੇਂਦਰ ਤੇ ਸੂਬਾ ਸਰਕਾਰਾਂ ਮਿਲ ਕੇ ਕਿਸਾਨਾਂ ਵਿਰੁੱਧ ਕੰਮ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਕਿਸਾਨ ਇਸ ਗੱਲ਼ ਤੋਂ ਵੀ ਔਖੇ ਹਨ ਕਿ ਡੱਲੇਵਾਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਕਿਸਾਨ ਆਗੂ ਵੱਡੀ ਗਿਣਤੀ ਵਿੱਚ ਲੁਧਿਆਣਾ ਡੀਐਮਸੀ ਪਹੁੰਚ ਰਹੇ ਹਨ ਪਰ ਪੁਲਿਸ ਉਨ੍ਹਾਂ ਨੂੰ ਡੱਲੇਵਾਲ ਨਾਲ ਮੁਲਾਕਾਤ ਨਹੀਂ ਕਰਨ ਦੇ ਰਹੀ। ਇਸ ਨੂੰ ਲੈ ਕੇ ਵੀਰਵਾਰ ਨੂੰ ਭਾਰੀ ਵਿਵਾਦ ਵੀ ਹੋਇਆ। ਇਸ ਦੌਰਾਨ ਡੱਲੇਵਾਲ ਦੀ ਤਸਵੀਰ ਵੀ ਸਾਹਮਣੇ ਆਈ ਹੈ। ਕਿਸਾਨਾਂ ਦੀ ਮੰਗ ਹੈ ਕਿ ਪਹਿਲਾਂ ਡੱਲੇਵਾਲ ਨੂੰ ਰਿਹਾਅ ਕੀਤਾ ਜਾਵੇ, ਉਸ ਤੋਂ ਬਾਅਦ ਹੀ ਕਿਸਾਨ ਪ੍ਰਸ਼ਾਸਨ ਨਾਲ ਗੱਲ ਕਰਨ ਲਈ ਤਿਆਰ ਹੋਣਗੇ।
ਦਰਅਸਲ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਚਾਰ ਦਿਨ ਹੋ ਗਏ ਹਨ। ਦੂਜੇ ਪਾਸੇ ਖਨੌਰੀ ਸਰਹੱਦ ’ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਡੱਲੇਵਾਲ ਜਿੱਥੇ ਚਾਰ ਦਿਨਾਂ ਤੋਂ ਲੁਧਿਆਣਾ ਡੀਐਮਸੀ ਵਿੱਚ ਭੁੱਖ ਹੜਤਾਲ ’ਤੇ ਹਨ, ਉੱਥੇ ਹੀ ਸਾਬਕਾ ਫ਼ੌਜੀ ਸੁਖਜੀਤ ਸਿੰਘ ਹਰਦੋ ਝੰਡੇ ਨੇ ਵੀ ਖਨੌਰੀ ਸਰਹੱਦ ’ਤੇ ਕੁਝ ਨਹੀਂ ਖਾਧਾ।
ਸੁਖਜੀਤ ਸਿੰਘ ਹਰਦੋ ਝੰਡੇ ਨੇ ਕਿਹਾ ਹੈ ਕਿ ਸਰਕਾਰ ਡੱਲੇਵਾਲ ਨੂੰ ਚੁੱਕ ਕੇ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀ ਸੀ, ਪਰ ਸਰਕਾਰ ਖੁੱਦ ਹੀ ਫੇਲ੍ਹ ਹੋ ਗਈ ਹੈ। ਅੱਜ ਭੁੱਖ ਹੜਤਾਲ ਦਾ ਚੌਥਾ ਦਿਨ ਹੈ ਤੇ ਉਹ ਪੂਰੀ ਤਰ੍ਹਾਂ ਠੀਕ-ਠਾਕ ਹਨ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ ਤੇ ਇਸ ਲਈ ਹਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਧੇਰ ਨੇ ਦੋਸ਼ ਲਾਇਆ ਹੈ ਕਿ ਡੱਲੇਵਾਲ ਨੂੰ ਲੁਧਿਆਣਾ ਡੀਐਮਸੀ ਵਿੱਚ ਮਿਲਣ ਲਈ ਕਿਸਾਨ ਆ ਰਹੇ ਹਨ, ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।
ਦੱਸ ਦਈਏ ਕਿ ਮਰਨ ਵਰਤ ਦੀ ਸ਼ੁਰੂਆਤ ਦੇ ਨਾਲ ਹੀ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕੱਲ੍ਹ ਹਜ਼ਾਰਾਂ ਕਿਸਾਨਾਂ ਨੂੰ ਖਨੌਰੀ ਸਰਹੱਦ ’ਤੇ ਭੇਜਿਆ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਮਾਝਾ ਜ਼ੋਨ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਜੇਕਰ 10 ਦਿਨਾਂ ਵਿੱਚ ਮਾਮਲਾ ਹੱਲ ਨਾ ਹੋਇਆ ਤਾਂ ਉਹ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।
ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ਲਿਜਾਣ ਦੇ ਨਾਂ 'ਤੇ ਵਾਰ-ਵਾਰ ਬਦਨਾਮ ਕੀਤਾ ਜਾਂਦਾ ਹੈ। ਇਸ ਵਾਰ ਕਿਸਾਨਾਂ ਨੇ ਬਿਨਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਜਾਣ ਦਾ ਐਲਾਨ ਕੀਤਾ ਹੈ।ਖਨੌਰੀ ਸਰਹੱਦ ਉਪਰ ਗੈਰ-ਸਿਆਸੀ ਸਾਂਝੇ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨਾਂ ਦੀਆਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।