Farmers Protest: ਅੱਜ ਤੋਂ ਬਾਅਦ ਕਿਸੇ ਨੂੰ ਨਹੀਂ ਮਿਲਣਗੇ ਡੱਲੇਵਾਲ! ਜਾਣੋ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਬਾਰੇ
ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 44 ਵੇਂ ਦਿਨ ਵੀ ਜਾਰੀ ਹੈ। ਪਰ ਹੁਣ ਡੱਲੇਵਾਲ ਕਿਸੇ ਨੂੰ ਵੀ ਨਹੀਂ ਮਿਲਣਾ ਚਾਹੁੰਦੇ। ਉਨ੍ਹਾਂ ਨੇ ਸੁਨੇਹਾ ਭਿਜਵਾਇਆ ਹੈ ਕਿ ਮੇਰਾ ਪਰਿਵਾਰ..
Punjab News: ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 44ਵੇਂ ਦਿਨ ਵੀ ਜਾਰੀ ਹੈ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪੈਰ ਸਰੀਰ ਦੇ ਦੂਜੇ ਅੰਗਾਂ ਦੇ ਬਰਾਬਰ ਕੀਤੇ ਜਾਣ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਜਾਂਦਾ ਹੈ। ਬਲੱਡ ਪ੍ਰੈਸ਼ਰ ਨੂੰ ਸਥਿਰ ਕਰਨ ਲਈ ਉਨ੍ਹਾਂ ਦੇ ਪੈਰਾਂ ਨੂੰ ਉਚਾਈ 'ਤੇ ਰੱਖਣਾ ਪੈਂਦਾ ਹੈ।
ਕਿਸਾਨ ਆਗੂ ਡੱਲੇਵਾਲ ਕਿਸੇ ਨੂੰ ਵੀ ਨਹੀਂ ਮਿਲਣਾ ਚਾਹੁੰਦੇ
ਅੱਜ ਜਗਜੀਤ ਸਿੰਘ ਡੱਲੇਵਾਲ ਨੇ ਵਿਸ਼ੇਸ਼ ਬੇਨਤੀ ਕੀਤੀ ਕਿ ਉਹਨਾਂ ਨੂੰ ਗੱਲ ਕਰਨ ਵਿੱਚ ਦਿੱਕਤ ਆਉਂਦੀ ਹੈ, ਇਸ ਲਈ ਉਹਨਾਂ ਦੀ ਟਰਾਲੀ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਨਾ ਆਉਣ ਦਿੱਤਾ ਜਾਵੇ ਉਹਨਾਂ ਕਿਹਾ ਕਿ ਉਹ ਸਾਰੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਪਰ ਡਾਕਟਰੀ ਮਜਬੂਰੀ ਕਾਰਨ ਉਹ ਗੱਲ ਕਰਨ ਤੋਂ ਅਸਮਰੱਥ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਦੇਸ਼ ਦੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਿੱਲੀ ਦੇ ਕਿਸਾਨਾਂ ਨਾਲ ਮੀਟਿੰਗ ਕਰਕੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਸਾਡੀਆਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ।
ਕਿਸਾਨਾਂ ਦੀਆਂ ਦਿੱਕਤਾਂ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨਹੀਂ ਹੋ ਰਹੀ ਗੰਭੀਰ
ਜਿਸ ਕਾਰਨ ਉਹ ਦੁਖੀ ਹਨ ਪਰ ਦੂਜੇ ਪਾਸੇ 13 ਫਰਵਰੀ 2024 ਤੋਂ ਸੜਕਾਂ 'ਤੇ ਬੈਠੇ ਕਿਸਾਨਾਂ ਅਤੇ 26 ਨਵੰਬਰ 2024 ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਸੰਘਰਸ਼ ਅਤੇ ਕੁਰਬਾਨੀ ਉਨ੍ਹਾਂ ਨੂੰ ਨਜ਼ਰ ਨਹੀਂ ਆ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ 2016 ਦੀ ਖੇਤੀ ਜਨਗਣਨਾ ਅਨੁਸਾਰ ਦਿੱਲੀ ਵਿੱਚ 21000 ਕਿਸਾਨ ਸਨ ਜਿਨ੍ਹਾਂ ਦੀ ਗਿਣਤੀ ਪਿਛਲੇ 8 ਸਾਲਾਂ ਵਿੱਚ ਘਟੀ ਹੈ, ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਗੰਭੀਰ ਹੋ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।
ਅਖਿਲੇਸ਼ ਯਾਦਵ ਨੇ ਆਖੀ ਇਹ ਗੱਲ
ਅੱਜ ਸਮਾਜਵਾਦੀ ਪਾਰਟੀ ਦੇ ਮੁਜ਼ੱਫਰਨਗਰ ਤੋਂ ਸੰਸਦ ਮੈਂਬਰ ਅਤੇ ਰਾਸ਼ਟਰੀ ਜਨਰਲ ਸਕੱਤਰ ਹਰਿੰਦਰ ਮਲਿਕ ਆਪਣੇ ਵਫਦ ਨਾਲ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਆਏ ਅਤੇ ਉਹਨਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਅਖਿਲੇਸ਼ ਯਾਦਵ ਦਾ ਸੁਨੇਹਾ ਪਹੁੰਚਾਇਆ। ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਅਖਿਲੇਸ਼ ਯਾਦਵ ਨੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨਾਲ ਗੱਲਬਾਤ ਕਰਨਗੇ ਅਤੇ ਸਿਆਸੀ ਪਾਰਟੀਆਂ ਆਪਸੀ ਮੱਤਭੇਦ ਭੁਲਾ ਕੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਦੇ ਮੁੱਦੇ 'ਤੇ ਇਕਜੁੱਟ ਹੋਣ ਤਾਂ ਜੋ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕੇ।
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਹੀ ਨਾਜ਼ੁਕ ਮੋੜ 'ਤੇ ਹੈ। ਸ਼ੂਗਰ ਲੈਵਲ ਘਟਣ-ਵਧਣ ਤੋਂ ਲੈ ਕੇ ਸਰੀਰ ਦਾ ਭਾਰ ਸਮੇਤ ਕਈ ਚੀਜ਼ਾਂ ਸਾਹਮਣੇ ਆਈਆਂ ਹਨ। ਡਾਕਟਰਾਂ ਵੀ ਚਿੰਤਾ ਪ੍ਰਗਟ ਕਰ ਚੁੱਕੇ ਹਨ ਕਿ ਡੱਲੇਵਾਲ ਨੂੰ ਕਿਸੇ ਵੀ ਸਮੇਂ ਕੁੱਝ ਵੀ ਹੋ ਸਕਦਾ ਹੈ। ਬੀਤੇ ਦਿਨੀ ਕਿਸਾਨ ਆਗੂ ਬੇਹੋਸ਼ ਵੀ ਹੋ ਗਏ ਸਨ, ਜਿਸ ਤੋਂ ਇੱਕ ਘੰਟੇ ਦੀ ਜੱਦੋ-ਜਹਿਦ ਬਾਅਦ ਹੋਸ਼ ਆਇਆ ਸੀ।