Farmers Protest: ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸਾਹਮਣੇ ਕਿਸਾਨਾਂ ਦਾ ਧਰਨਾ ਦਿੱਲੀ ਅੰਦੋਲਨ ਦਾ ਰੂਪ ਧਾਰਦਾ ਜਾ ਰਿਹਾ ਹੈ। ਪਿਛਲੇ 11 ਦਿਨਾਂ ਤੋਂ ਡਟੇ ਕਿਸਾਨਾਂ ਨਾਲ ਸਰਕਾਰ ਦੀ ਗੱਲ਼ਬਾਤ ਕਿਸੇ ਤਣ-ਪੱਤਣ ਨਹੀਂ ਲੱਗੀ। ਉਧਰ, ਕਿਸਾਨ ਕਿਸੇ ਵੀ ਕੀਮਤ ਉੱਪਰ ਪਿੱਛੇ ਹਟਣ ਲਈ ਤਿਆਰ ਨਹੀਂ, ਜਿਸ ਕਰਕੇ ਇਹ ਅੰਦੋਲਨ ਹੋਰ ਭਖਣ ਦਾ ਆਸਾਰ ਬਣੇ ਗਏ ਹਨ। 


ਦੂਜੇ ਪਾਸੇ ਵਿਰੋਧੀ ਧਿਰਾਂ ਵੀ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਦਿੱਲੀ ਵਿੱਚ ਬੀਜੇਪੀ ਸਰਕਾਰ ਖਿਲਾਫ ਧਰਨੇ ਲੱਗੇ ਸੀ ਤਾਂ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿਤੈਸ਼ੀ ਬਣ ਕੇ ਸਾਹਮਣੇ ਆਈ ਸੀ। ਅੱਜ ਜਦੋਂ ਉਨ੍ਹਾਂ ਦੀ ਹੀ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਹੋਇਆ ਹੈ ਤਾਂ ਕਿਸਾਨਾਂ ਦੀ ਗੱਲ ਤੱਕ ਵੀ ਨਹੀਂ ਸੁਣੀ ਜਾ ਰਹੀ। 



ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪਿਛਲੇ 11 ਦਿਨਾਂ ਤੋਂ ਅਣਮਿਥੇ ਸਮੇਂ ਲਈ ਪੱਕਾ ਰੋਸ ਧਰਨਾ ਚੱਲ ਰਿਹਾ ਹੈ। ਧਰਨੇ ਵਿੱਚ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਸ਼ਮੂਲੀਅਤ ਕਰ ਰਹੀਆਂ ਹਨ। ਰੋਸ ਧਰਨੇ ਦੌਰਾਨ ਕਿਸਾਨ ਗੁਰਚਰਨ ਸਿੰਘ ਦੀ ਮੌਤ ਮਗਰੋਂ ਕਿਸਾਨ ਹੋਰ ਭੜਕ ਗਏ ਹਨ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 


ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਦੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਨੀਆਂ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਤਾਂ 20 ਅਕਤੂਬਰ ਨੂੰ ਕਿਸਾਨ ਸੰਘਰਸ਼ ਨੂੰ ਨਵਾਂ ਮੋੜ ਦਿੱਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਹਜ਼ਾਰਾਂ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਦਿਨ-ਰਾਤ ਦੇ ਪੱਕੇ ਮੋਰਚੇ ’ਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਬੈਠੇ ਹਨ। 


ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਵੱਲੋਂ ਵਾਅਦੇ ਕੀਤੇ ਗਏ ਸਨ ਕਿ ਸਰਕਾਰ ਬਣਨ ’ਤੇ ਕਿਸੇ ਵੀ ਵਰਗ ਨੂੰ ਰੋਸ ਧਰਨੇ/ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ ਤੇ ਸਾਰੇ ਮਸਲੇ ਗੱਲਬਾਤ ਨਾਲ ਹੱਲ ਕੀਤੇ ਜਾਣਗੇ ਪਰ ਪੰਜਾਬ ਦੇ ਹਰ ਵਰਗ ਦੇ ਲੋਕ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਚੁੱਪ ਨਾ ਤੋੜੀ ਤਾਂ 20 ਅਕਤੂਬਰ ਨੂੰ ਵੱਡੇ ਐਕਸ਼ਨ ਦੇ ਰੂਪ ਵਿੱਚ ਸੰਘਰਸ਼ ਨੂੰ ਨਵਾਂ ਮੋੜ ਦਿੱਤਾ ਜਾਵੇਗਾ।