Farmers Protest: ਆਖਰ ਕਿਸ ਮਿੱਟੀ ਦੇ ਬਣੇ 'ਕਿਸਾਨ'? ਸਖਤੀ ਗਰਮੀ 'ਚ ਵੀ ਹਰਿਆਣਾ ਦੀਆਂ ਹੱਦਾਂ 'ਤੇ ਡਟੇ
ਸਖਤੀ ਗਰਮੀ ਵੀ ਹਰਿਆਣਾ ਦੀ ਹੱਦ ਉਪਰ ਬੈਠੇ ਕਿਸਾਨਾਂ ਦੇ ਹੌਸਲੇ ਪਸਤ ਨਹੀਂ ਕਰ ਸਕੀ। ਕਈ ਮਹੀਨਿਆਂ ਤੋਂ ਸ਼ੰਭੂ ਤੇ ਖਨੌਰੀ ਦੇ ਬਾਰਡਰਾਂ ਉਪਰ ਬੈਠੇ ਕਿਸਾਨ ਦ੍ਰਿੜ੍ਹ ਹਨ
Farmers Protest: ਸਖਤੀ ਗਰਮੀ ਵੀ ਹਰਿਆਣਾ ਦੀ ਹੱਦ ਉਪਰ ਬੈਠੇ ਕਿਸਾਨਾਂ ਦੇ ਹੌਸਲੇ ਪਸਤ ਨਹੀਂ ਕਰ ਸਕੀ। ਕਈ ਮਹੀਨਿਆਂ ਤੋਂ ਸ਼ੰਭੂ ਤੇ ਖਨੌਰੀ ਦੇ ਬਾਰਡਰਾਂ ਉਪਰ ਬੈਠੇ ਕਿਸਾਨ ਦ੍ਰਿੜ੍ਹ ਹਨ ਕਿ ਕੇਂਦਰ ਵਿੱਚ ਸਰਕਾਰ ਕਿਸੇ ਦੀ ਵੀ ਬਣੇ, ਉਹ ਆਪਣੀਆਂ ਮੰਗਾਂ ਮੰਨਵਾ ਕੇ ਹੀ ਪਰਤਣਗੇ। ਬੇਸ਼ੱਕ ਕਣਕ ਦੀ ਵਾਢੀ ਮਗਰੋਂ ਝੋਨੇ ਦੀ ਲੁਆਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਪਰ ਕਿਸਾਨ ਲਗਾਤਾਰ ਹਰਿਆਣਾ ਦੇ ਬਾਰਡਰਾਂ ਉਪਰ ਡਟੇ ਹੋਏ ਹਨ।
ਹਾਸਲ ਜਾਣਕਾਰੀ ਮੁਤਾਬਕ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਵਾਉਣ ਲਈ ਸ਼ੰਭੂ ਵਿੱਚ ਚੱਲ ਰਹੇ ਮੋਰਚੇ ਦੀ ਮਜ਼ਬੂਤੀ ਲਈ ਕਿਸਾਨਾਂ ਨੇ ਵਿਉਂਤਬੰਦੀ ਕਰ ਲਈ ਹੈ। ਐਤਵਾਰ ਨੂੰ ਸ਼ੰਭੂ ਮੋਰਚੇ ਨੂੰ ਮਜ਼ਬੂਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਡਾ ਜਥਾ ਦੇਰ ਰਾਤ ਸ਼ੰਭੂ ਮੋਰਚੇ ਵਿੱਚ ਪਹੁੰਚ ਗਿਆ।
ਇਹ ਜਥਾ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਹੇਠ ਟਰੈਕਟਰ ਟਰਾਲੀਆਂ ਰਾਹੀਂ ਸ਼ੰਭੂ ਮੋਰਚੇ ਵਿੱਚ ਪਹੁੰਚਿਆ। ਪੰਧੇਰ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਇਹ ਸੰਘਰਸ਼ ਲੰਬਾ ਸਮਾਂ ਚੱਲੇਗਾ। ਇਸੇ ਕਰਕੇ ਮੋਰਚੇ ਨੂੰ ਮਜ਼ਬੂਤੀ ਨਾਲ ਚਲਾਉਣ ਲਈ ਪੰਜਾਬ ਭਰ ਤੋਂ ਕਿਸਾਨ ਮੋਰਚੇ ਵਿੱਚ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਿਸਾਨਾਂ ਦਾ ਵੱਡਾ ਜਥਾ ਮੋਰਚੇ ਵਿੱਚ ਪਹੁੰਚ ਚੁੱਕਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਗੁਰਦਾਸਪੁਰ ਤੇ ਸੂਬੇ ਦੇ ਹੋਰਨਾਂ ਹਿੱਸਿਆ ਤੋਂ ਪੜਾਅਵਾਰ ਜਥੇ ਸ਼ਮੂਲੀਅਤ ਕਰਨਗੇ। ਪੰਧੇਰ ਨੇ ਕਿਹਾ ਕਿ ਪੰਜਾਬ ਤੇ ਦੇਸ਼ ਦੇ ਲੋਕਾਂ ਨੇ ਸਾਧਾਰਨ ਪੱਧਰ ਦੀ ਗਿਣਤੀ ਵਿੱਚ ਵੋਟਾਂ ਪਾਉਣ ਵਿੱਚ ਹਿੱਸਾ ਲਿਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਲੋਕਾਂ ਨੂੰ ਇਨ੍ਹਾਂ ਰਾਜਸੀ ਪਾਰਟੀਆਂ ਵੱਲੋਂ ਕੀਤੀ ਜਾਂਦੀ ਸਿਆਸਤ ਪਸੰਦ ਨਹੀਂ ਹੈ। ਨਵੀਂ ਸਰਕਾਰ ਕਿਸੇ ਦੀ ਵੀ ਬਣੇ, ਪਰ ਇਹ ਅੰਦੋਲਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।