Farmers Protest: ਮੁੱਦਤਾਂ ਬਾਅਦ ਕਿਸਾਨਾਂ ਦੀ ਹੋਏਗੀ ਰਾਜਧਾਨੀ 'ਚ ਐਂਟਰੀ, ਵੱਡੀ ਗਿਣਤੀ ਕਿਸਾਨਾਂ ਨੇ ਪਾਏ ਚੰਡੀਗੜ੍ਹ ਚਾਲੇ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਖੇਤੀ ਨੀਤੀ, ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੀਆਂ।
Farmers Protest: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਖੇਤੀ ਨੀਤੀ, ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੀਆਂ।। ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਦੁਪਹਿਰ 12 ਵਜੇ ਤੱਕ ਪਹੁੰਚਣਗੇ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਵੱਡਾ ਪ੍ਰਦਰਸ਼ਨ ਹੈ।
ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ। ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ।
ਪੰਜਾਬ ਵਿਧਾਨ ਸਭਾ ਦਾ ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਪ੍ਰਦਰਸ਼ਨ ਵਿੱਚ ਕਿਸਾਨ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਲਗਾਤਾਰ ਖੇਤੀ ਨੀਤੀ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ।
ਕਿਸਾਨਾਂ ਨੇ ਕਿਹਾ ਕਿ ਖੇਤੀ ਨੀਤੀ ਬਣਾਉਣ ਲਈ ਬਣਾਈ ਕਮੇਟੀ ਵੱਲੋਂ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਸੀ ਪਰ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਇਹ ਕਾਰਪੋਰੇਟ ਘਰਾਣਿਆਂ, ਜਾਗੀਰਦਾਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੇ ਹੱਕ ਵਿੱਚ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਅਤਾਂ ਤੇ ਨੀਤੀਆਂ ਦਾ ਨਤੀਜਾ ਹੈ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਮਹਾਂਪੰਚਾਇਤ 2 ਸਤੰਬਰ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੈਕਟਰ-34 ਵਿੱਚ ਥਾਂ ਮਿਲੇਗੀ। ਲੰਬੇ ਸਮੇਂ ਤੋਂ ਬਾਅਦ ਚੰਡੀਗੜ੍ਹ ਵਿੱਚ ਇਜਾਜ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੋਣ ਵਾਲੀ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।