Farmers Protest: ਪੰਜਾਬ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ਉੱਪਰ ਲਾਏ ਧਰਨਿਆਂ ਬਾਰੇ ਹਾਈਕੋਰਟ ਦਾ ਅਹਿਮ ਫੈਸਲਾ ਆਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਟੌਲ ਪਲਾਜ਼ੇ ਖੁੱਲ੍ਹਵਾਉਣ ਲਈ ਕਿਹਾ ਹੈ। ਐਨਐਚਏਆਈ ਵੱਲੋਂ ਅਦਾਲਤ ਕੋਲ ਪਹੁੰਚ ਕਰਕੇ ਟੌਲ ਪਲਾਜ਼ੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਸੀ ,ਕਿਉਂਕਿ ਕਿਸਾਨਾਂ ਦੇ ਧਰਨਿਆਂ ਕਰਕੇ ਐਨਐਚਏਆਈ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋ 15 ਦਸੰਬਰ ਤੋਂ 9 ਜ਼ਿਲ੍ਹਿਆਂ ਦੇ ਟੋਲ ਪਲਾਜਾ ਫਰੀ ਕੀਤੇ ਹੋਏ ਹਨ। 


ਦਰਅਸਲ 'ਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਅੰਦਰ ਕਈ ਥਾਵਾਂ 'ਤੇ ਟੌਲ ਪਲਾਜ਼ਿਆਂ 'ਤੇ ਧਰਨੇ ਲਗਾਏ ਗਏ ਹਨ। ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਧਰਨੇ ਦੇ ਕੇ 12 ਵਜੇ ਤੋਂ 3 ਵਜੇ ਤੱਕ ਟੋਲ ਫ਼ਰੀ  ਕੀਤੇ ਗਏ ਸਨ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਸੜਕਾਂ 'ਤੇ ਲੁੱਟ ਕਰਨ ਲਈ ਕੰਪਨੀਆਂ ਵੱਲੋਂ ਕਈ ਸਾਲਾਂ ਤੋਂ ਵੱਡੀਆਂ ਸੜਕਾਂ ਉਤੇ ਟੌਲ ਪਲਾਜ਼ੇ ਲਾਕੇ ਟੋਲ ਵਸੂਲੇ ਜਾ ਰਹੇ ਹਨ। ਇਸ ਲੁੱਟ ਨੂੰ ਹੋਰ ਤੇਜ ਕਰਨ ਲਈ ਟੋਲ ਫੀਸ ਦੇ ਵਾਧੇ ਦੇ ਨਾਲ-ਨਾਲ ਛੋਟੀਆਂ ਵੱਡੀਆਂ ਸੜਕਾਂ 'ਤੇ ਟੋਲ ਪਲਾਜ਼ੇ ਲਾਏ ਜਾ ਰਹੇ ਹਨ।

 


ਬੁਲਾਰਿਆਂ ਨੇ ਕਿਹਾ ਕਿ ਹਰੇਕ ਵਿਅਕਤੀ ਤੋਂ ਵਹੀਕਲ ਖਰੀਦਣ ਸਮੇਂ ਰੋਡ ਟੈਕਸ ਕੱਟਿਆ ਜਾਂਦਾ ਹੈ। ਇਸ ਤੋਂ ਬਿਨਾਂ ਹੋਰ ਵੀ ਕਈ ਤਰਾਂ ਦੇ ਟੈਕਸ ਲਏ ਜਾ ਰਹੇ ਹਨ। ਕੰਪਨੀਆਂ ਵੱਲੋ ਟੌਲ ਟੈਕਸ ਲੈਣ ਤੋ ਬਾਅਦ ਵੀ ਲੋਕਾਂ ਨੂੰ ਕੋਈ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਸੜਕਾਂ 'ਚ ਵੱਡੇ ਵੱਡੇ ਟੋਏ ਪਏ ਹੋਏ ਹਨ। ਅਣਸੁਰੱਖਿਅਤ ਸੜਕਾਂ ਕਾਰਨ ਰੋਜ਼ਾਨਾ ਹੀ ਐਕਸੀਡੈਂਟਾਂ ਕਾਰਨ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਦੇਸ਼ ਦੇ ਸਾਰੇ ਟੋਲ ਪਲਾਜ਼ੇ ਬੰਦ ਕੀਤੇ ਜਾਣ।


 

ਦੱਸ ਦੇਈਏ ਕਿ ਬੀਤੇ ਦਿਨੀਂ ਟੌਲ ਪਲਾਜ਼ਿਆਂ ਉੱਪਰ ਧਰਨਿਆਂ ਮਗਰੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਸੀ ਕਿ 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਅੰਦਰ ਕਿਸਾਨ ਅੰਦਲੋਨ ਹੋਰ ਤੇਜ਼ ਹੋਏਗਾ, ਜਿਸ ਨਾਲ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। 

 

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਮਨਵਾਉਣ ਤੇ 29 ਜਨਵਰੀ 2021 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ’ਤੇ ਭਾਜਪਾ ਆਗੂਆਂ ਵੱਲੋਂ ਹਮਲਾ ਕਰਵਾਉਣ ਦੇ ਦੋਸ਼ ਹੇਠ ਕੇਸ ਦਰਜ ਕਰਵਾਉਣ ਲਈ 26 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਕਾਨਫਰੰਸਾਂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।