Farmer Protest: ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ CISF ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਦੇਣ ਲਈ ਪਹੁੰਚੇ। ਕਿਸਾਨ ਮੰਗ ਕਰ ਰਹੇ ਹਨ ਕਿ ਮਹਿਲਾ ਸਿਪਾਹੀ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੇ ਲਈ ਉਹ ਮੁੱਖ ਮੰਤਰੀ ਦੇ ਨਾਂਅ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਣਗੇ।


ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਉਹ ਚੰਡੀਗੜ੍ਹ ਦੇ ਸੈਕਟਰ 35 ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਪਰ ਪੰਜਾਬ ਸਰਕਾਰ ਵੱਲੋਂ ਇਸ ਕੇਸ ਨੂੰ ਰੱਦ ਨਹੀਂ ਕੀਤਾ ਗਿਆ ਹੈ। ਇਸ ਕਾਰਨ ਅੱਜ ਮੋਹਾਲੀ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹੁਣ ਉਹ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇ ਕੇ ਆਪਣੀ ਭਵਿੱਖ ਦੀ ਰਣਨੀਤੀ ਦਾ ਐਲਾਨ ਕਰਨਗੇ।


ਜ਼ਿਕਰ ਕਰ ਦਈਏ ਕਿ ਕੰਗਨਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਈ ਟਵੀਟ ਕੀਤੇ ਸਨ। ਇਸ ਕਾਰਨ ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਉਨ੍ਹਾਂ ਦੀ ਗਰਮਾ-ਗਰਮ ਬਹਿਸ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਕੰਗਨਾ ਖਿਲਾਫ ਕੇਸ ਦਰਜ ਕਰਵਾਇਆ ਸੀ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਇੱਥੇ ਪੁੱਜ ਕੇ ਐਸਐਸਪੀ ਮੁਹਾਲੀ ਤੋਂ ਕਿਸਾਨ ਅੰਦੋਲਨ ਵਿੱਚ ਧਰਨੇ ’ਤੇ ਬੈਠੀਆਂ ਮਹਿਲਾ ਕਿਸਾਨਾਂ ਖ਼ਿਲਾਫ਼ 100-100 ਰੁਪਏ ਲਈ ਭੀੜ ਇਕੱਠੀ ਕਰਨ, ਕਿਸਾਨਾਂ ਨੂੰ ਅਤਿਵਾਦੀਆਂ ਤੇ ਅਤਿਵਾਦੀਆਂ ਨਾਲ ਜੋੜਨ ਬਾਰੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਕੇਸ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ।  ਪੰਧੇਰ ਨੇ ਕਿਹਾ ਕਿ ਕੁਲਵਿੰਦਰ ਕੌਰ 'ਤੇ ਝੂਠਾ ਮੁਕੱਦਮਾ ਬਣਾ ਕੇ ਉਸ ਨੂੰ ਫਸਾਇਆ ਜਾ ਰਿਹਾ ਹੈ, ਜਦਕਿ ਉਸ 'ਤੇ ਜੋ ਥੱਪੜ ਮਾਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਉਸ ਸਬੰਧੀ ਅਜੇ ਤੱਕ ਕੋਈ ਸਬੂਤ ਜਾਂ ਵੀਡੀਓ ਸਾਹਮਣੇ ਨਹੀਂ ਆਈ ਹੈ।