ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ, ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਸ਼ਾਮਲ
Farmers Protest: ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਇਸ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ।

Farmers Protest: ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਇਸ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਕਿਸਾਨ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ।
ਡੱਲੇਵਾਲ, ਜੋ 81 ਦਿਨਾਂ ਤੋਂ ਮਰਨ ਵਰਤ 'ਤੇ ਹਨ, ਸਵੇਰੇ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਕੇਂਦਰ ਵੱਲੋਂ ਮੀਟਿੰਗ ਵਿੱਚ ਕੌਣ-ਕੌਣ ਸ਼ਾਮਲ ਹੋਵੇਗਾ, ਇਸ ਬਾਰੇ ਜਾਣਕਾਰੀ ਅਜੇ ਨਹੀਂ ਦਿੱਤੀ ਗਈ ਹੈ। ਇਹ ਮੀਟਿੰਗ ਸ਼ਾਮ 5.30 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿਖੇ ਹੋਵੇਗੀ। ਸਰਵਣ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।
ਕਿਸਾਨ ਅਤੇ ਕੇਂਦਰ ਵਿਚਾਲੇ 4 ਵਾਰ ਹੋ ਚੁੱਕੀ ਗੱਲਬਾਤ
ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ 13 ਫਰਵਰੀ ਨੂੰ ਸ਼ੁਰੂ ਹੋਇਆ ਸੀ। ਫਿਰ ਉਹ ਦਿੱਲੀ ਵੱਲ ਮਾਰਚ ਕਰਨ ਲਈ ਨਿਕਲੇ ਸਨ ਪਰ ਪੁਲਿਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਦਿੱਤਾ। ਉਹ ਉਦੋਂ ਤੋਂ ਉੱਥੇ ਹੀ ਬੈਠੇ ਹਨ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਚਾਰ ਮੀਟਿੰਗਾਂ ਹੋਈਆਂ ਪਰ ਕੋਈ ਫੈਸਲਾ ਨਹੀਂ ਹੋਇਆ। ਉਦੋਂ ਕੇਂਦਰ ਤੋਂ ਤਿੰਨ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਇਸ ਵਿੱਚ ਸ਼ਾਮਲ ਹੋਏ ਸਨ।
ਤੁਹਾਨੂੰ ਦੱਸ ਦਈਏ ਕਿ ਕਿਸਾਨ ਆਪਣੀ 13 ਹੱਕੀ ਮੰਗਾਂ ਪੂਰੀਆਂ ਦੇ ਕਰਵਾਉਣ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਬੈਠੇ ਹਨ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣ ਪਰ ਹਾਲੇ ਤੱਕ ਕੋਈ ਉਮੀਦ ਨਹੀਂ ਜਾਗੀ ਹੈ। ਉੱਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਨੂੰ 81 ਦਿਨ ਹੋ ਗਏ ਹਨ, ਉਨ੍ਹਾਂ ਦੀ ਸਿਹਤ ਵੀ ਇੰਨੀ ਖਰਾਬ ਹੋਈ ਪਰ ਫਿਰ ਵੀ ਉਹ ਹਿੰਮਤ ਨਹੀਂ ਹਾਰੇ, ਹਾਲੇ ਵੀ ਡਟੇ ਹੋਏ ਹਨ। ਅੱਜ ਫਿਰ ਕਿਸਾਨਾਂ ਅਤੇ ਕੇਂਦਰ ਵਿਚਾਲੇ ਪੰਜਵੇਂ ਗੇੜ ਦੀ ਗੱਲਬਾਤ ਹੋਵੇਗੀ, ਜਿਸ ਤੋਂ ਬਾਅਦ ਹੀ ਕੁਝ ਪਤਾ ਲੱਗ ਸਕੇਗਾ ਕਿ ਕਿਸਾਨਾਂ ਦਾ ਅਗਲਾ ਫੈਸਲਾ ਕੀ ਹੋਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
