Farmers Protest: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹੁਣ ਖਨੌਰੀ ਸਰਹੱਦ ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਹਾਲਾਂਕਿ ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਹੁਣ 4 ਜਨਵਰੀ ਨੂੰ ਖਨੌਰੀ ਮੋਰਚੇ ਵਿੱਚ ਕਿਸਾਨਾਂ ਦੀ ਤਰਫ਼ੋਂ ਮਹਾਂਪੰਚਾਇਤ ਕੀਤੀ ਜਾਵੇਗੀ।


ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਲੱਗਦਾ ਹੈ ਕਿ ਜਿਹੜੇ ਕਿਸਾਨ ਭਾਈਚਾਰੇ ਦੀ ਉਨ੍ਹਾਂ ਨੇ 44 ਸਾਲ ਤੱਕ ਸੇਵਾ ਕੀਤੀ ਹੈ, ਉਹ ਮਹਾਪੰਚਾਇਤ ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦੇ ਹਨ। ਇਸ ਦੌਰਾਨ ਡੱਲੇਵਾਲ ਲੋਕਾਂ ਦੇ ਨਾਮ ਸੰਦੇਸ਼ ਜਾਰੀ ਕਰਨਗੇ।



ਰਾਤ ਨੂੰ ਘੱਟ ਗਿਆ ਸੀ ਡੱਲੇਵਾਲ ਦਾ ਬਲੱਡ ਪ੍ਰੈਸ਼ਰ 


ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ 76/44 ਤੱਕ ਡਿੱਗ ਗਿਆ ਸੀ। ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਦੀ ਸਿਹਤ ਨੂੰ ਦੇਖਦਿਆਂ ਹੋਇਆਂ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਉਹ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚੇ ਵਿੱਚ ਸਮੂਹ ਕਿਸਾਨਾਂ ਨੂੰ ਇੱਕ ਅਹਿਮ ਸੁਨੇਹਾ ਦੇਣਾ ਚਾਹੁੰਦੇ ਹਨ। ਪਟਵਾਰੀ ਤੇ ਨਹਿਰੀ ਯੂਨੀਅਨ ਨੇ ਵੀ ਮੋਰਚੇ ’ਤੇ ਪਹੁੰਚ ਕੇ ਅੰਦੋਲਨ ਦਾ ਸਮਰਥਨ ਕੀਤਾ।



ਨਵੇਂ ਸਾਲ ਦੀ ਵਧਾਈ ਦੇ ਮੈਸੇਜ ਨਾ ਭੇਜੋ


ਕਿਸਾਨਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਇਸ ਲਈ ਕਿਸੇ ਨੂੰ ਵੀ ਸਾਨੂੰ ਨਵੇਂ ਸਾਲ ਦੀਆਂ ਵਧਾਈਆਂ ਨਹੀਂ ਭੇਜਣੀਆਂ ਚਾਹੀਦੀਆਂ। ਇਹ ਖੁਸ਼ੀ ਦਾ ਨਹੀਂ ਸਗੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਸਮਾਂ ਹੈ। ਸਾਰੇ ਦੋਸਤ 4 ਜਨਵਰੀ ਨੂੰ ਸਵੇਰੇ 10 ਵਜੇ ਖਨੌਰੀ ਕਿਸਾਨ ਮੋਰਚੇ ਵਿੱਚ ਪਹੁੰਚਣ। ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਵੀ ਸਹਿਯੋਗ ਦੇਣ।


ਗੱਲਬਾਤ ਦੇ ਲਈ ਤਿਆਰ ਕਿਸਾਨ


ਇਸ ਤੋਂ ਪਹਿਲਾਂ ਮੰਗਲਵਾਰ ਨੂੰ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਡੱਲੇਵਾਲ ਅਤੇ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਦੀ ਹੈ ਤਾਂ ਡੱਲੇਵਾਲ ਆਪਣਾ ਮਰਨ ਵਰਤ ਖਤਮ ਕਰਨ ਬਾਰੇ ਵਿਚਾਰ ਕਰ ਸਕਦੇ ਹਨ। ਅਦਾਲਤ ਨੇ ਡੱਲੇਵਾਲ ਨੂੰ ਮਨਾਉਣ ਲਈ ਪੰਜਾਬ ਨੂੰ ਤਿੰਨ ਦਿਨ ਹੋਰ ਦਿੱਤੇ ਹਨ। ਹੁਣ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।