Farmers Protest: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ ਤੇ ਮੰਗਾਂ ਮਨਵਾਉਣ ਲਈ ਅੰਦੋਲਨ ਤਿੰਨ ਦਿਨ ਨਾਲ ਨਹੀਂ ਜਿੱਤਿਆ ਜਾ ਸਕਦਾ ਹੈ। ਸੋਮਵਾਰ ਨੂੰ ਚੰਡੀਗੜ੍ਹ ਸਰਹੱਦ ’ਤੇ ਪੰਚਕੂਲਾ ਵਾਲੇ ਪਾਸੇ ਪੁੱਜੇ ਟਿਕੈਤ ਨੇ ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕਿ ਇਹ ਅੰਦੋਲਨ ਲੰਬਾ ਚੱਲ ਸਕਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ’ਚ ਕਿਸਾਨ ਅੰਦੋਲਨ ਅੱਗੇ ਝੁਕਦਿਆਂ ਤਿੰਨ ਕਾਲੇ ਕਾਨੂੰਨ ਵਾਪਸ ਲੈ ਲਏ ਸਨ ਪਰ ਐਮਐਸਪੀ ’ਤੇ ਸਰਕਾਰ ਨੇ ਚੁੱਪੀ ਧਾਰ ਲਈ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ’ਤੇ ਐਮਐਸਪੀ ਲਈ ਵੱਡਾ ਅੰਦੋਲਨ ਹੋਣਾ ਚਾਹੀਦਾ ਹੈ ਜਿਹੜਾ ਹਰ ਸੂਬੇ ਦੀ ਰਾਜਧਾਨੀ ਵਿੱਚ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੋਰ ਵੀ ਜਥੇਬੰਦੀਆਂ ਤਿਆਰ ਕਰ ਰਹੀ ਹੈ ਜਿਨ੍ਹਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੂੰ ਲੜਾਈ ਲੜਨੀ ਪਵੇਗੀ।
ਉਧਰ, ਮੁਹਾਲੀ ਤੇ ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਰਾਹੀਂ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੂੰ ਅੱਜ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਲਈ ਸੱਦਾ ਭੇਜਿਆ ਗਿਆ ਹੈ। ਮੋਰਚੇ ਨੇ ਪੰਜਾਬ ਸਰਕਾਰ ਨੂੰ ਲਿਖ ਕੇ ਭੇਜੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਹਾਲੇ ਤੱਕ ਕੋਈ ਹੁੰਗਾਰਾ ਨਾ ਭਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਦੀ ਚੁੱਪੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਦੱਸ ਦਈਏ ਕਿ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਕਿਸਾਨਾਂ ਦੀ ਆਮਦ ਲਗਾਤਾਰ ਜਾਰੀ ਰਹੀ। ਜਗਤਪੁਰਾ ਬਾਈਪਾਸ ’ਤੇ ਖੜ੍ਹੀਆਂ ਹਜ਼ਾਰਾਂ ਟਰੈਕਟਰ-ਟਰਾਲੀਆਂ ਦਿੱਲੀ ਮੋਰਚੇ ਦੀ ਯਾਦ ਤਾਜ਼ਾ ਕਰਵਾ ਰਹੀਆਂ ਹਨ। ਕਿਸਾਨਾਂ ਨੇ ਸੋਮਵਾਰ ਨੂੰ ਧਰਨੇ ਵਾਲੀ ਥਾਂ ’ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਇਆ। ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।