ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਵਲੋਂ ਅੱਜ ਦੇ ਦਿਨ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਕੋਠੀਆਂ ਘੇਰਨ ਦਾ ਐਲਾਨ ਕੁਝ ਦਿਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ।


ਸੈਂਕੜੇ ਕਿਸਾਨ ਅੰਮ੍ਰਿਤਸਰ ਵਿਖੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਪਹੁੰਚੇ ਅਤੇ ਕੋਠੀ ਦੇ ਬਾਹਰ ਉਹਨਾਂ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਵਲੋਂ ਪਹਿਲਾਂ ਤਾਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਬਾਅਦ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਇਜ਼ਾਜਤ ਦੇ ਦਿੱਤੀ ਗਈ। ਕਿਸਾਨਾਂ  ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਇਹਨਾਂ ਵਾਅਦਿਆਂ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨੂੰ  ਕਿਸੇ ਵੀ ਸ਼ਰਤ 'ਤੇ ਮਨਜ਼ੂਰ ਨਹੀਂ ਕੀਤਾ ਜਾਵੇਗਾ।