Paddy Procurement: ਝੋਨੇ ਦੀ ਲਿਫਟਿੰਗ ਅਤੇ DAP ਦੀ ਕਮੀ ਦੇ ਮੁੱਦੇ 'ਤੇ ਅੱਜ ਤੋਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਭਾਜਪਾ ਅਤੇ ਆਪ ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਕਿਸਾਨ ਮੋਰਚਾ ਲਾਉਣਗੇ। ਇਸ ਦੇ ਨਾਲ ਹੀ ਪਹਿਲਾਂ ਦੀ ਤਰ੍ਹਾਂ 24 ਥਾਵਾਂ 'ਤੇ ਟੋਲ ਪਲਾਜ਼ੇ ਵੀ ਮੁਫ਼ਤ ਕਰਵਾਏ ਜਾਣਗੇ।


ਇਹ ਸਾਰੀ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕੀਤੀ ਜਾਵੇਗੀ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।


ਸੂਬੇ ਵਿੱਚ 13 ਨਵੰਬਰ ਨੂੰ ਚਾਰ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਜ਼ਿਮਨੀ ਚੋਣਾਂ ਹੋਣੀਆਂ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਝੋਨੇ ਦੀ ਲਿਫਟਿੰਗ ਅਤੇ ਡੀ.ਏ.ਪੀ. ਦੀ ਘਾਟ ਦੋਵਾਂ ਮਾਮਲਿਆਂ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਜ਼ਿੰਮੇਵਾਰ ਹਨ, ਜੇਕਰ ਉਨ੍ਹਾਂ ਨੇ ਸਮੇਂ ਸਿਰ ਕਦਮ ਚੁੱਕੇ ਹੁੰਦੇ ਤਾਂ ਅੱਜ ਇਹ ਸਮੱਸਿਆ ਖੜ੍ਹੀ ਨਾ ਹੁੰਦੀ। ਇਸ ਲਈ ਦੋਵਾਂ ਸਰਕਾਰਾਂ 'ਤੇ ਦਬਾਅ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।


ਇਸ ਤੋਂ ਪਹਿਲਾਂ 18 ਦਿਨਾਂ ਤੱਕ ਭਾਜਪਾ ਆਗੂਆਂ ਅਤੇ ‘ਆਪ’ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਇਆ ਗਿਆ ਸੀ। ਹੁਣ ਇਨ੍ਹਾਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹੁਣ ਕਿਸਾਨ ਆਗੂਆਂ ਨੂੰ ਮੰਡੀਆਂ ਵਿੱਚ ਸਥਿਤੀ ’ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਪੰਜ ਹਾਈਵੇ ਦੇ ਕਿਨਾਰੇ ਸੰਘਰਸ਼ ਕਰ ਰਿਹਾ ਹੈ।