Farmers Protest March Towards Delhi: ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੇ ਦਿੱਲੀ ਚੋਣਾਂ ਤੋਂ ਠੀਕ ਪਹਿਲਾਂ ਕਿਸਾਨਾਂ ਦਾ ਕੇਂਦਰ ਖਿਲਾਫ ਗੁੱਸਾ ਇਕ ਵਾਰ ਫਿਰ ਸੜਕਾਂ 'ਤੇ ਆ ਗਿਆ ਹੈ। ਨੋਇਡਾ ਤੇ ਸ਼ੰਭੂ ਬਾਰਡਰ ਤੋਂ ਕਿਸਾਨ ਦਿੱਲੀ ਮਾਰਚ ਲਈ ਨਿਕਲ ਪਏ ਹਨ।
ਦਰਅਸਲ, ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਕਈ ਮੰਗਾਂ ਤੋਂ ਨਾਖੁਸ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਵਾਅਦਿਆਂ ਅਨੁਸਾਰ ਲਾਗੂ ਕਰੇ।
ਹੁਣ ਰਾਸ਼ਟਰੀ ਰਾਜਧਾਨੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਐਤਵਾਰ ਨੂੰ ਦਿੱਲੀ ਸਰਹੱਦ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਖ਼ਬਰ ਏਜੰਸੀ ਪੀਟੀਆਈ ਨੂੰ ਦੱਸਿਆ, “ਦਿੱਲੀ ਪੁਲਿਸ ਚੌਕਸ ਹੈ ਤੇ ਸਰਹੱਦ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਫਿਲਹਾਲ ਸਿੰਘੂ ਬਾਰਡਰ 'ਤੇ ਥੋੜ੍ਹੀ ਗਿਣਤੀ 'ਚ ਫੋਰਸ ਤਾਇਨਾਤ ਕੀਤੀ ਗਈ ਹੈ ਪਰ ਪੰਜਾਬ-ਹਰਿਆਣਾ ਸਰਹੱਦ ਦੇ ਸ਼ੰਭੂ ਬਾਰਡਰ 'ਤੇ ਸਥਿਤੀ ਨੂੰ ਦੇਖਦੇ ਹੋਏ ਇਸ 'ਚ ਵਾਧਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸਰਹੱਦ 'ਤੇ ਅਤੇ ਦਿੱਲੀ ਦੇ ਮੱਧ ਹਿੱਸੇ 'ਤੇ ਸੁਰੱਖਿਆ ਪ੍ਰਬੰਧਾਂ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਇਹ ਵੀ ਕਿਹਾ ਕਿ ਪੁਲਿਸ ਨੋਇਡਾ ਸਰਹੱਦ 'ਤੇ ਵੀ ਨਜ਼ਰ ਰੱਖ ਰਹੀ ਹੈ, ਜਿੱਥੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਇੱਕ ਹੋਰ ਸਮੂਹ ਵਿਰੋਧ ਕਰ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਪੁਲਿਸ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਨੇ ਕਿਸਾਨਾਂ-ਮਜ਼ਦੂਰਾਂ ਨਾਲ ਗੱਲ ਨਾ ਕਰਨ ਦਾ ਮਨ ਬਣਾ ਲਿਆ ਹੈ। ਉਹ ਸਾਨੂੰ ਰੋਕਣ ਲਈ ਤਾਕਤ ਦੀ ਵਰਤੋਂ ਕਰ ਰਹੇ ਹਨ।
ਕਿਸਾਨਾਂ ਦੀਆਂ ਮੰਗਾਂ
ਤੁਹਾਨੂੰ ਦੱਸ ਦੇਈਏ ਕਿ ਐਮਐਸਪੀ ਤੋਂ ਇਲਾਵਾ ਕਿਸਾਨ ਕਰਜ਼ਾ ਮੁਆਫ਼ੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਅਤੇ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ ਦੀ ਮੰਗ ਕਰ ਰਹੇ ਹਨ। ਉਹ 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ ਨਿਆਂ, ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ 2020-21 ਵਿੱਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਵੀ ਕਰ ਰਹੇ ਹਨ।