CM Mann on Shubhkran death, Farmers Protest: ਖਨੌਰੀ ਸਰਹੱਦ ਉਪਰ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਤੇ ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਪੰਜਾਬ ਸਰਕਾਰ ਵੀ ਡਟ ਕੇ ਖੜ੍ਹ ਗਈ ਹੈ। ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਬਲ (ਐਸਐਸਐਫ) ਦੀਆਂ ਗੱਡੀਆਂ ਤੇ ਐਂਬੂਲੈਂਸਾਂ ਧਰਨਿਆਂ ਵਾਲੇ ਸਥਾਨਾਂ ਉਪਰ ਤਾਇਨਾਤ ਕੀਤੀਆਂ ਹਨ।


ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਖਨੌਰੀ ਬਾਰਡਰ 'ਤੇ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਮੌਤ ਕੇਂਦਰ ਤੇ ਹਰਿਆਣਾ ਸਰਕਾਰਾਂ ਦੀ ਮਨਮਾਨੀ ਦਾ ਨਤੀਜਾ ਹੈ। ਸੀਐਮ ਨੇ ਕਿਹਾ ਕਿ ਉਨ੍ਹਾਂ ਨੌਜਵਾਨ ਕਿਸਾਨ ਦੀ ਦੁਖਦਾਈ ਵੀਡੀਓ ਦੇਖੀ ਜੋ ਆਪਣੇ ਜਮਹੂਰੀ ਹੱਕਾਂ ਦਾ ਪ੍ਰਗਟਾਵਾ ਕਰਨ ਲਈ ਉੱਥੇ ਗਿਆ ਸੀ।


ਸੀਐਮ ਨੇ ਕਿਹਾ ਕਿ ਭਵਿੱਖ ਵਿੱਚ ਕਿਸਾਨਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੜਕ ਸੁਰੱਖਿਆ ਬਲ (ਐਸਐਸਐਫ) ਦੀਆਂ ਗੱਡੀਆਂ ਤੇ ਐਂਬੂਲੈਂਸਾਂ ਨੂੰ ਵੀ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋੜ ਪੈਣ 'ਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ 'ਚ ਪਹੁੰਚਾਇਆ ਜਾ ਸਕੇ। ਹਾਲਾਂਕਿ, ਹਸਪਤਾਲਾਂ ਦੇ ਸਟਾਫ ਨੂੰ ਪਹਿਲਾਂ ਅਲਰਟ ਮੋਡ 'ਤੇ ਰੱਖਿਆ ਗਿਆ ਹੈ।



ਦੱਸ ਦਈਏ ਕਿ ਦਿੱਲੀ ਵੱਲ ਕੂਚ ਦੌਰਾਨ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਕਈ ਕਿਸਾਨ ਜ਼ਖਮੀ ਹੋਏ ਹਨ। ਉਨ੍ਹਾਂ ਦੀਆਂ ਅੱਖਾਂ 'ਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਾਰੇ ਹਸਪਤਾਲਾਂ ਵਿੱਚ ਦਾਖਲ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। 


ਹੁਣ ਸੀਐਮ ਭਗਵੰਤ ਮਾਨ ਨੇ ਅੱਖਾਂ ਦੇ ਮਾਹਿਰ ਮੰਤਰੀਆਂ ਤੇ ਵਿਧਾਇਕਾਂ ਨੂੰ ਹਸਪਤਾਲਾਂ ਵਿੱਚ ਤਾਇਨਾਤ ਕਰ ਦਿੱਤਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੂੰ ਪਟਿਆਲਾ, ਮੰਤਰੀ ਬਲਜੀਤ ਕੌਰ ਨੂੰ ਪਾਤੜਾਂ ਤੇ ਖਨੌਰੀ ਤੇ ਵਿਧਾਇਕ ਡਾ: ਚਰਨਜੀਤ ਸਿੰਘ ਚੰਨੀ ਨੂੰ ਰਾਜਪੁਰਾ ਵਿੱਚ ਤਾਇਨਾਤ ਕੀਤਾ ਗਿਆ।


ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਮਸਲਿਆਂ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ। ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਖ਼ੁਦ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਇਲਾਵਾ ਉਹ ਵਕੀਲ ਬਣ ਕੇ ਕਿਸਾਨਾਂ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਦੇ ਸਫ਼ਲ ਨਾ ਹੋਣ ਲਈ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ।