Farmers Protest: ਸਰਹੱਦਾਂ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਅੱਜ ਵੱਡਾ ਪ੍ਰਦਰਸ਼ਨ, ਪੰਜਾਬ ਦੇ ਨਾਲ ਨਾਲ ਹਰਿਆਣਾ 'ਚ ਦੇਖੋ ਕੀ ਕੀ ਹੋ ਰਿਹਾ
Farmers Protest Update: ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਤੋਂ ਇਲਾਵਾ ਯੂਨੀਅਨ ਵਲੋਂ ਸੂਬੇ ਦੇ ਟੋਲ ਪਲਾਜ਼ਿਆਂ ’ਤੇ ਵੀ ਧਰਨੇ
Farmers Protest: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 5 ਦਿਨ ਹੋ ਗਏ ਹਨ। ਕੇਂਦਰ ਸਰਕਾਰ ਨਾਲ ਗੱਲਬਾਤ ਦੇ ਭਰੋਸੇ ਤੋਂ ਬਾਅਦ ਕਿਸਾਨ ਅੱਗੇ ਨਹੀਂ ਵੱਧ ਰਹੇ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਸੀ ਪਰ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ ਸ਼ੰਭੂ ਅਤੇ ਖਨੌਰੀ ਪੁਆਇੰਟਾਂ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ ਕਿਸਾਨ ਉਦੋਂ ਤੋਂ ਦੋਵੇਂ ਸਰਹੱਦੀ ਪੁਆਇੰਟਾਂ ’ਤੇ ਰੁਕੇ ਹੋਏ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਦੇ ਪੰਜਵੇਂ ਦਿਨ ਅੱਜ ਪੰਜਾਬ ਵਿਚ ਭਾਜਪਾ ਦੇ ਤਿੰਨ ਸੀਨੀਅਰ ਆਗੂਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਤੋਂ ਇਲਾਵਾ ਯੂਨੀਅਨ ਵਲੋਂ ਸੂਬੇ ਦੇ ਟੋਲ ਪਲਾਜ਼ਿਆਂ ’ਤੇ ਵੀ ਧਰਨੇ ਦਿੱਤੇ ਜਾ ਰਹੇ ਹਨ। ਇਹ ਪ੍ਰਦਰਸ਼ਨ ਦੋ ਦਿਨ ਤੱਕ ਚੱਲਣਗੇ।
ਕਿਸਾਨੀ ਮੰਗਾਂ ਦੇ ਹੱਕ ’ਚ ਪਹਿਲਾਂ ਤੋਂ ਹੀ ਉਲੀਕੇ ਪ੍ਰੋਗਰਾਮ ਮੁਤਾਬਿਕ ਕਿਸਾਨ ਯੂਨੀਅਨ ਉਗਰਾਹਾਂ ਦੇ ਲੀਡਰ ਵੱਡੀ ਗਿਣਤੀ ’ਚ ਟਰੈਕਟਰ-ਟਰਾਲੀਆਂ ਤੇ ਹੋਰ ਸਾਜੋ-ਸਾਮਾਨ ਨਾਲ ਦੋ ਦਿਨਾਂ ਧਰਨੇ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮਹਿਲਾ ਮੋਰਚਾ ਪੰਜਾਬ ਭਾਜਪਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਦੇ ਬਾਹਰ ਧਰਨਾ ਦੇਣ ਲਈ ਪਹੁੰਚੇ। ਲੰਗਰ ਬਣਾਉਣ ਲਈ ਵੀ ਲੋੜੀਂਦੇ ਸਾਮਾਨ ਵੱਡੀ ਗਿਣਤੀ ’ਚ ਲਿਆਂਦੇ ਗਏ। ਪੁਲਿਸ ਵਲੋਂ ਵੀ ਬੈਰੀਕੇਟਿੰਗ ਲਗਾ ਦਿੱਤੀ ਗਈ ਹੈ।
ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚਡੂਨੀ ਵੀ ਦਿੱਲੀ ਚਲੋ ਅੰਦੋਲਨ ਦੇ ਹਿਮਾਇਤ 'ਚ ਨਿੱਤਰ ਆਏ ਹਨ। ਹਲਾਂਕਿ ਭਾਰਤੀ ਕਿਸਾਨ ਯੂਨੀਅਨ ਚਡੂਨੀ ਜਥੇਬੰਦੀ ਨੇ ਦਿੱਲੀ ਜਾਣ ਦਾ ਐਲਾਨ ਤਾਂ ਨਹੀਂ ਕੀਤਾ ਪਰ ਅੱਜ ਹਰਿਆਣਾ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਤਹਿਤ ਹਰਿਆਣਾ ਵਿੱਚ ਵੀ ਵੱਡੀ ਗਿਣਤੀ ਅੰਦਰ ਕਿਸਾਨ ਟਰੈਕਟਰ ਰੈਲੀ ਕਰ ਰਹੇ ਹਨ।
ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਡਕੌਂਦਾ ਜਥੇਬੰਦੀ ਨੇ 15 ਫਰਵਰੀ ਨੂੰ ਕਿਸਾਨਾਂ ਦੇ ਹੱਕ 'ਚ ਟਰੇਨਾਂ ਰੋਕ ਕੇ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਇਲਾਵਾ 16 ਫਰਵਰੀ ਨੂੰ ਪਹਿਲਾਂ ਤੋਂ ਹੀ ਤੈਅ ਪ੍ਰੋਗਰਾਮ ਤਹਿਤ ਭਾਰਤ ਬੰਦ ਵੀ ਕੀਤਾ ਗਿਆ ਸੀ ਜਿਸ ਦਾ ਅਸਰ ਪੰਜਾਬ ਅਤੇ ਹਰਿਆਣਾ ਵਿੱਚ ਸਭ ਤੋਂ ਵੱਧ ਦਿਖਾਈ ਦਿੱਤਾ ਸੀ।