Farmers Protest: ਪੰਜਾਬ ਵਿੱਚ ਲੋਕ ਸਭਾ ਚੋਣਾਂ (Punjab Lok Sabha Elections 2024) ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੇ ਵਿਧਾਇਕਾਂ ਨੂੰ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ। ਇਸ ਲਈ ਸੱਤਾਧਾਰੀ 'ਆਪ' ਉਮੀਦਵਾਰਾਂ ਨੂੰ ਵੀ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਏਗਾ।



ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਦਿਖਾਏ ਕਾਲੇ ਝੰਡੇ


ਇਸੇ ਰੋਸ ਵਜੋਂ ਵਿਧਾਨ ਸਭਾ ਹਲਕਾ ਜੈਤੋ ਅਧੀਨ ਪੈਂਦੇ ਪਿੰਡ ਡੋਡ ਵਿੱਚ ਕਿਸਾਨ ਜਥੇਬੰਦੀ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਤੇ ਵਿਧਾਇਕ ਅਮੋਲਕ ਸਿੰਘ ਨੂੰ ਕਾਲੇ ਝੰਡੇ ਦਿਖਾਏ ਗਏ। ਇਸ ਦੌਰਾਨ ਕਿਸਾਨਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਸਥਾਨਕ ਵਿਧਾਇਕ ਅਮੋਲਕ ਸਿੰਘ ਨੇ ਮੌਕਾ ਸੰਭਾਲਦਿਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਗੱਲਬਾਤ ਕੀਤੀ।


ਫਸਲ ਦਾ ਮੁਆਵਜ਼ਾ ਨਾ ਮਿਲਣ ਨੂੰ ਲੈ ਕੇ ਕਿਸਾਨ ਨਾਰਾਜ਼


ਦਰਅਸਲ ਪਿਛਲੇ ਸਾਲ ਖਰਾਬ ਮੌਸਮ ਕਾਰਨ ਤਬਾਹ ਹੋਈ ਕਿਸਾਨਾਂ ਦੀ ਫਸਲ ਦਾ ਮੁਆਵਜ਼ਾ ਅਜੇ ਤੱਕ ਨਾ ਮਿਲਣ ਕਾਰਨ ਕਿਸਾਨ ਜਥੇਬੰਦੀ ਦੇ ਮੈਂਬਰ ਨਾਰਾਜ਼ ਹਨ। ਕਿਸਾਨਾਂ ਦਾ ਰੋਸ ਹੈ ਕਿ ਕਿਸੇ ਨੇ ਵੀ ਉਨ੍ਹਾਂ ਦੀ ਬਾਂਹ ਨਹੀਂ ਫੜੀ ਜਿਸ ਕਾਰਨ ਉਹ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।


ਇਸ ਬਾਰੇ ਫਰੀਦਕੋਟ ਜ਼ਿਲ੍ਹੇ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨਾਲ ਗੱਲਬਾਤ ਕੀਤੀ ਹੈ ਤੇ ਵਿਧਾਇਕ ਨੇ ਮੀਟਿੰਗ ਕਰਕੇ ਉਨ੍ਹਾਂ ਦੀ ਗੱਲ ਸੁਣੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।