Patiala News: ਕਿਸਾਨ ਕੱਲ੍ਹ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਜਥੇਬੰਦੀਆਂ ਦੇ 21 ਫਰਵਰੀ ਦੇ ਦਿੱਲੀ ਚੱਲੋ ਸੱਦੇ ਤਹਿਤ ਵੱਡੀ ਗਿਣਤੀ ’ਚ ਕਿਸਾਨ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਜੁੜ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਸਾਰੀਆਂ ਮੰਗਾਂ ਪ੍ਰਵਾਨ ਕਰ ਲਵੋ ਨਹੀਂ ਤਾਂ ਅਸੀਂ ਆਪਣੇ ਐਲਾਨ ਦਿੱਲੀ ਚੱਲੋ ’ਤੇ ਕਾਇਮ ਹਾਂ।’


ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਾਨੂੰਨੀ ਗਾਰੰਟੀ ਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਅਜਿਹਾ ਨਾ ਹੋਣ ’ਤੇ ਉਹ 21 ਫਰਵਰੀ ਨੂੰ ਦਿੱਲੀ ਜਾਣਗੇ। 


ਅੱਜ ਪੰਜਾਬ ਤੇ ਹਰਿਆਣਾ ਦੇ ਬਾਰਡਰ ਸ਼ੰਭੂ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਦੀ ਨੁਮਾਇੰਦਗੀ ਕਰਨ ਵਾਲੇ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਤਿੰਨ ਵੱਡੀਆਂ ਮੰਗਾਂ ਹਨ ਕਿ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਸਵਾਮੀਨਾਥਨ ਕਮਿਸ਼ਨ ਵੱਲੋਂ ਸਿਫ਼ਾਰਸ਼ ਨੂੰ ਮੰਨਣਾ ਤੇ ਕਰਜ਼ਾ ਮੁਆਫੀ। 


ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦੌਰਾਨ ਕਿਸਾਨਾਂ ਨੇ ਪ੍ਰਸਤਾਵ ਦਿੱਤਾ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਇਆ ਜਾਵੇ। ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਸਰਕਾਰੀ ਰਿਪੋਰਟਾਂ ਮੁਤਾਬਕ ਕਿਸਾਨਾਂ ਸਿਰ 18.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। 


ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਕਿ ਉਹ ਇਹ ਐਲਾਨ ਕਰਨ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਜਦੋਂਕਿ ਇਸ ਲਈ ਇੱਕ ਵਿਧੀ ਬਾਅਦ ਵਿੱਚ ਤਿਆਰ ਕੀਤੀ ਜਾ ਸਕਦੀ ਹੈ। ਕਿਸਾਨ ਆਗੂ ਨੇ ਕਿਹਾ,‘ਅਸੀਂ ਆਪਣੇ ਐਲਾਨ ਦਿੱਲੀ ਚੱਲੋ ’ਤੇ ਕਾਇਮ ਹਾਂ।’                 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।