ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਖੇਤਰਾਂ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ। ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਥਾਂ ਕਿਸਾਨ ਜਥੇਬੰਦੀਆਂ ਦਾ ਮੰਗ ਪੱਤਰ ਲਿਆ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਤੋਂ ਝੋਨੇ ਦੀ ਫਸਲ 20 ਜੂਨ ਦੀ ਬਜਾਏ 10 ਜੂਨ ਤੋਂ ਲਾਉਣ ਤੇ 1 ਜੂਨ ਤੋਂ ਨਹਿਰੀ ਪਾਣੀ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੂਜੀ ਮੰਗ ਹੈ ਕਿ ਇਸ ਵਾਰ ਕਣਕ ਦੀ ਫ਼ਸਲ ਦਾ ਝਾੜ ਘਟਣ ਦਾ ਕਿਸਾਨਾਂ ਨੂੰ 10000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਤੀਜੀ ਮੰਗ ਵਿੱਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਨੂੰ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਅੱਗ ਲੱਗੀ ਹੈ, ਉਨ੍ਹਾਂ ਨੂੰ 40000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਕਿਸਾਨ 10 ਜੂਨ ਤੋਂ ਝੋਨੇ ਦੀ ਬਿਜਾਈ ਕਿਸੇ ਵੀ ਹਾਲਤ ਵਿੱਚ ਸ਼ੁਰੂ ਕਰ ਦੇਣਗੇ ਤੇ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆ ਤਾਂ ਆਉਣ ਵਾਲੇ ਦਿਨਾਂ 'ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਇਸ ਪੂਰੇ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਮੰਗਾਂ 'ਤੇ ਗੌਰ ਕਰੇਗੀ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦੇ ਮੰਗ ਪੱਤਰ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।