Shambhu Border: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਅਦਾਲਤ ਨੇ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ।  ਬਾਰਡਰ ਖੁੱਲ੍ਹਣ ਮਗਰੋਂ ਕਿਸਾਨ ਦਿੱਲੀ ਜਾਣਗੇ। ਕਿਸਾਨਾਂ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਦਿੱਲੀ ਕੂਚ ਬਾਰੇ ਅਗਲੀ ਰਣਨੀਤੀ ਮੀਟਿੰਗ ਕਰਕੇ ਉਲੀਕੀ ਜਾਵੇਗੀ। 


ਦਰਅਸਲ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਸੜਕ ਕਲੀਅਰ ਕਰੇ। ਉਥੋਂ ਬੈਰੀਕੇਡ ਹਟਾ ਦਿੱਤੇ ਜਾਣ। ਹਾਈ ਕੋਰਟ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਸਥਿਤੀ ਸ਼ਾਂਤੀਪੂਰਨ ਹੈ। ਕਿਸਾਨਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਹਨ। ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ। 



ਦੱਸ ਦਈਏ ਕਿ ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਸ਼ੰਭੂ ਸਰਹੱਦ ਬੰਦ ਹੋਣ ਕਾਰਨ ਪੰਜਾਬ ਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।


ਇਸ ਬਾਰੇ ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਸਾਨੂੰ ਅਜੇ ਤੱਕ ਹੁਕਮਾਂ ਦੀ ਕਾਪੀ ਨਹੀਂ ਮਿਲੀ ਪਰ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਅਸੀਂ ਵਾਰ-ਵਾਰ ਪੁੱਛ ਰਹੇ ਹਾਂ ਕਿ ਕਿਸ ਸੰਵਿਧਾਨ ਤੇ ਕਾਨੂੰਨ ਤਹਿਤ ਸੜਕਾਂ 'ਤੇ ਕੰਧਾਂ ਬਣਾਈਆਂ ਗਈਆਂ ਹਨ। ਸਰਕਾਰ ਨੇ ਲੋਕਤੰਤਰ ਦੀ ਅਣਦੇਖੀ ਕਰਕੇ ਇਨ੍ਹਾਂ ਸੜਕਾਂ ਨੂੰ ਬੰਦ ਕਰ ਦਿੱਤਾ ਸੀ। ਇਹ ਰਾਜਧਾਨੀ ਵਿੱਚ ਜਾਣ ਲਈ ਆਮ ਜਨਤਾ, ਕਿਸਾਨਾਂ ਤੇ ਵਪਾਰੀਆਂ ਦੀਆਂ ਭਾਵਨਾਵਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਬੈਠਣਾ ਨਹੀਂ ਚਾਹੁੰਦੇ, ਅਸੀਂ ਦਿੱਲੀ ਜਾਣਾ ਚਾਹੁੰਦੇ ਹਾਂ। ਇਸ ਸਬੰਧੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਾਂਗੇ।



ਇਸ ਤੋਂ ਪਹਿਲਾਂ ਜਦੋਂ ਇਹ ਮਾਮਲਾ ਹਾਈਕੋਰਟ ਪੁੱਜਾ ਤਾਂ ਸ਼ੰਭੂ ਸਰਹੱਦ 'ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਜਗਜੀਤ ਡੱਲੇਵਾਲ ਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਸੀ ਕਿ ਰੋਡ ਹਰਿਆਣਾ ਸਰਕਾਰ ਨੇ ਬੰਦ ਕੀਤੇ ਹਨ। ਇਸ ਲਈ ਹੀ ਉਹ ਸਰਹੱਦ 'ਤੇ ਬੈਠੇ ਹਨ। ਹਾਲਾਂਕਿ ਹੁਣ ਜੇਕਰ ਪੁਲਿਸ ਸ਼ੰਭੂ ਬਾਰਡਰ ਖੋਲ੍ਹਦੀ ਹੈ ਤਾਂ ਉਸ ਤੋਂ ਬਾਅਦ ਕਿਸਾਨ ਕੀ ਰਵੱਈਆ ਅਪਣਾਉਂਦੇ ਹਨ, ਇਸ 'ਤੇ ਸਭ ਦੀ ਨਜ਼ਰ ਹੈ।