Farmer Protest: ਪੰਜਾਬ-ਹਰਿਆਣਾ ਸਰਹੱਦ 'ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨ ਅੱਜ ਦੁਪਹਿਰ 1 ਵਜੇ ਦਿੱਲੀ ਵੱਲ ਮਾਰਚ ਕਰਨਗੇ। ਹਰਿਆਣਾ ਸਰਕਾਰ ਨੇ MP, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਉਨ੍ਹਾਂ ਨੂੰ ਨਮਕ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ 'ਤੇ ਉਨ੍ਹਾਂ ਨੂੰ ਸਾਹ ਲੈਣ 'ਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸੰਸਦ 'ਚ ਵੀ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਸਮਰਥਨ 'ਚ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ, "ਵਾਅਦਾ ਪੂਰਾ ਨਾ ਹੋਣ ਤੋਂ ਬਾਅਦ ਕਿਸਾਨ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਤੁਰੰਤ ਕਿਸਾਨਾਂ ਨਾਲ ਗੱਲ ਕਰੇ।"
ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਾ ਮਿਸ਼ਰਾ ਨੇ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਅੰਬਾਲਾ ਦੇ 11 ਪਿੰਡਾਂ ਵਿੱਚ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਕਿਸਾਨ ਅੱਜ ਦੁਪਹਿਰ 1 ਵਜੇ ਹਰਿਆਣਾ ਤੇ ਪੰਜਾਬ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਣਗੇ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਹੈ ਕਿ 101 ਕਿਸਾਨਾਂ ਦਾ ਜਥਾ ਹਰ ਹਾਲਤ ਵਿੱਚ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨਾਂ ਨੂੰ ਵੀ ਖਦਸ਼ਾ ਹੈ ਕਿ ਟਕਰਾਅ ਹੋ ਸਕਦਾ ਹੈ। ਇਸ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਨਮਕ ਦਿੱਤਾ ਜਾ ਰਿਹਾ ਹੈ ਤਾਂ ਜੋ ਜੇਕਰ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਤਾਂ ਉਨ੍ਹਾਂ ਨੂੰ ਸਾਹ ਲੈਣ 'ਚ ਕੋਈ ਦਿੱਕਤ ਨਾ ਆਵੇ। ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਤੋਂ ਬਾਅਦ ਸਾਹ ਲੈਣ ਵਿੱਚ ਦਿੱਕਤ ਹੁੰਦੀ ਹੈ। ਅਜਿਹੇ 'ਚ ਜੇਕਰ ਨਮਕ ਦਾ ਸੇਵਨ ਕੀਤਾ ਜਾਏ ਤਾਂ ਆਰਾਮ ਮਿਲਦਾ ਹੈ।
ਉਧਰ, ਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ 'ਤੇ ਐਂਬੂਲੈਂਸਾਂ ਤਾਇਨਾਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਹਰਿਆਣਾ ਤੇ ਪੰਜਾਬ ਪੁਲਿਸ ਅਲਰਟ ਮੋਡ 'ਤੇ ਹੈ। ਸ਼ੰਭੂ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਤਾਜ਼ਾ ਬੈਰੀਕੇਡਿੰਗ ਕੀਤੀ ਗਈ ਹੈ। ਜਾਲੀਆਂ, ਕੈਮਰੇ ਤੇ ਲਾਊਡਸਪੀਕਰ ਤੱਕ ਲਗਾਏ ਗਏ ਹਨ। ਅੰਬਾਲਾ ਜ਼ਿਲ੍ਹੇ ਤੇ ਖਨੌਰੀ ਸਰਹੱਦ ਉਪਰ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਲਾਗੂ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਤੋਂ ਦੋ ਦਿਨ ਪਹਿਲਾਂ 4 ਦਸੰਬਰ ਨੂੰ ਹੀ ਅੰਬਾਲਾ ਪ੍ਰਸ਼ਾਸਨ ਨੇ ਸ਼ੰਭੂ ਸਰਹੱਦ 'ਤੇ ਨੋਟਿਸ ਚਿਪਕਾ ਦਿੱਤਾ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਕਿਸੇ ਵੀ ਪ੍ਰਦਰਸ਼ਨ ਜਾਂ ਅੰਦੋਲਨ ਲਈ ਦਿੱਲੀ ਪੁਲਿਸ ਦੀ ਮਨਜ਼ੂਰੀ ਜ਼ਰੂਰੀ ਹੈ। ਜੇਕਰ ਮਨਜ਼ੂਰੀ ਮਿਲਦੀ ਹੈ, ਤਾਂ ਅੰਬਾਲਾ ਡੀਸੀ ਦਫ਼ਤਰ ਨੂੰ ਸੂਚਿਤ ਕਰੋ। ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਹਨ।