Shaheedi Sabha Fatehgarh Sahib: ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।


 


ਮੈਡੀਕਲ ਸਹੂਲਤ


 ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ-2023 ਸਬੰਧੀ ਕੀਤੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ 06 ਡਿਸਪੈਂਸਰੀਆਂ ਸਥਾਪਤ ਕੀਤੀਆਂ ਗਈਆਂ ਹਨ ਜਿਥੋਂ ਕਿ ਸੰਗਤ ਨੂੰ ਮੈਡੀਕਲ ਸਹੂਲਤ ਮੁਹੱਈਆ ਹੋ ਸਕੇਗੀ। ਇਸੇ ਤਰ੍ਹਾਂ ਪੁਲਿਸ ਵਿਭਾਗ ਵੱਲੋਂ 05 ਵਨ ਸਟਾਪ ਸਲਿਊਸ਼ਨ ਸੈਂਟਰ ਵੀ ਸਥਾਪਤ ਕੀਤੇ ਗਏ ਹਨ ਜਿਥੇ ਸੰਗਤ ਨੂੰ ਪੁਲਿਸ ਸਹਾਇਤਾ ਉਪਲਬਧ ਕਰਵਾਈ ਜਾਵੇਗੀ।



ਸਫ਼ਰ ਲਈ ਸੇਵਾ


ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਬਜੁਰਗਾਂ, ਦਿਵਿਆਂਗਜ਼ਨਾਂ, ਔਰਤਾਂ ਤੇ ਬੱਚਿਆਂ ਲਈ 75 ਮੁਫਤ ਬੱਸਾਂ ਚਲਾਈਆਂ ਜਾਣਗੀਆਂ ਤੇ ਮੁਫਤ ਈ.ਰਿਕਸ਼ਾ ਸਹੂਲਤ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 06 ਸੂਚਨਾ ਤੇ ਮੈਡੀਕਲ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਦੇ ਸਾਹਮਣੇ (ਵਰਲਡ ਯੂਨੀਵਰਸਿਟੀ ਸਾਇਡ), ਬਾਬਾ ਬੰਦਾ ਸਿੰਘ ਬਹਾਦਰ ਚੌਂਕ ਨੇੜੇ ਬੁੱਤ ਬਾਬਾ ਬੰਦਾ ਸਿੰਘ ਬਹਾਦਰ, ਪੁਲਿਸ ਟਰੇਨਿੰਗ ਸਕੂਲ (ਨੇੜੇ ਰੋਜ਼ਾ ਸ਼ਰੀਫ ਬਸੀ ਰੋਡ), ਮਾਤਾ ਗੁਜਰੀ ਕਾਲਜ ਦੇ ਗੇਟ ਦੇ ਸਾਹਮਣੇ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਨੇੜੇ ਅਤੇ ਚੁੰਗੀ ਨੰਬਰ 4 ਸਾਹਮਣੇ ਗੁਰੂ ਰਾਮ ਦਾਸ ਸਵੀਟਸ ਵਿਖੇ ਸਥਾਪਤ ਕੀਤੇ ਗਏ ਹਨ। 



ਕੰਟਰੋਲ ਰੂਮ


ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਟਿੱਲਾ ਵਿਖੇ ਸੈਂਟਰਲ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਸੰਗਤ ਦੀ ਸਹੂਲਤ ਤੇ ਸੁਰੱਖਿਆ ਲਈ 05 ਵਨ ਸਟਾਪ ਸਲਿਊਸ਼ਨ ਕੇਂਦਰ ਵੀ ਬਣਾਏ ਗਏ ਹਨ ਜਿਥੋਂ ਕਿ ਸੰਗਤ ਨੂੰ ਪੁਲਿਸ ਸਹਾਇਤਾ ਦੇ ਨਾਲ-ਨਾਲ ਹੋਰ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਹੋਣਗੀਆਂ।


 


ਇਤਿਹਾਸਕ ਨਾਟਕ ਦੀ ਪੇਸ਼ਕਾਰੀ


ਉਨ੍ਹਾਂ ਹੋਰ ਦੱਸਿਆ ਕਿ 26 ਤੇ 27 ਦਸੰਬਰ ਨੂੰ ਆਮ ਖਾਸ ਬਾਗ ਵਿਖੇ ਇਤਿਹਾਸਕ ਨਾਟਕ " ਜਿੰਦਾਂ ਨਿੱਕੀਆਂ" ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਧਾਰਮਿਕ ਮਰਿਆਦਾ ਦੀ ਪਾਲਣਾ ਕੀਤੀ ਜਾਵੇ ਤੇ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਵਿੱਚ ਉਸਾਰੂ ਸਹਿਯੋਗ ਦਿੱਤਾ ਜਾਵੇ।