Fazilka Tornado: ਪੰਜਾਬ ਦੇ ਫਾਜ਼ਿਲਕਾ 'ਚ ਤੂਫਾਨ ਕਾਰਨ 12 ਲੋਕ ਜ਼ਖਮੀ, 30 ਘਰਾਂ ਨੂੰ ਨੁਕਸਾਨ, ਅਕਾਲੀ ਦਲ ਨੇ ਮੁਆਵਜ਼ੇ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੂਫਾਨ ਕਾਰਨ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
Fazilka News: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਕਨਵਾਲਾ ਵਿੱਚ ਤੂਫਾਨ ਕਾਰਨ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ ਤੇ 30 ਘਰਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤੂਫ਼ਾਨ ਨਾਲ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਅਤੇ ਸੰਤਰਿਆਂ ਦੇ ਬਾਗਾਂ ਦਾ ਵੀ ਨੁਕਸਾਨ ਹੋਇਆ ਹੈ।
ਬਕਨੇਵਾਲਾ ਦੇ ਵਸਨੀਕ ਗੁਰਮੁੱਖ ਸਿੰਘ ਨੇ ਦੱਸਿਆ, ‘‘ਪਿੰਡ ਵਾਸੀਆਂ ਨੇ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ ਤੂਫਾਨ ਦਾ ਪ੍ਰਕੋਪ ਦੇਖਿਆ।’’ ਉਨ੍ਹਾਂ ਦੱਸਿਆ ਕਿ ਇਸ ਨਾਲ ਢਾਈ ਕਿਲੋਮੀਟਰ ਦੇ ਖੇਤਰ ਵਿੱਚ ਨੁਕਸਾਨ ਹੋਇਆ ਹੈ।
ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੂਫਾਨ ਕਾਰਨ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ ਆਪਣੇ MPLAD (ਮੈਂਬਰ ਆਫ਼ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਫੰਡ) ਫੰਡ ਵਿੱਚੋਂ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਬਾਦਲ ਨੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਬਕਨਵਾਲਾ ਅਤੇ ਹੋਰ ਥਾਵਾਂ ਦਾ ਦੌਰਾ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਸਾਰੇ ਲੋਕਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਜਿਨ੍ਹਾਂ ਦੇ ਘਰ ਅਤੇ ਬਾਗ ਤਬਾਹ ਹੋ ਗਏ ਹਨ ਅਤੇ ਕਿਹਾ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਦੀ ਪਾਰਟੀ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਅੰਦੋਲਨ ਸ਼ੁਰੂ ਕਰੇਗੀ।
ਉਨ੍ਹਾਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਅਤੇ ਲੋੜ ਪੈਣ 'ਤੇ ਆਪਣੇ ਐਮਪੀਐਲਏਡੀ ਫੰਡ ਵਿੱਚੋਂ ਹੋਰ ਪੈਸੇ ਜਾਰੀ ਕਰਨ ਦੀ ਪੇਸ਼ਕਸ਼ ਕੀਤੀ। ਬਾਦਲ ਨੇ ਪ੍ਰਭਾਵਿਤ ਖੇਤਰ ਦਾ ਦੌਰਾ ਨਾ ਕਰਨ ਅਤੇ ਤੂਫਾਨ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ।
ਨੁਕਸਾਨ ਦਾ ਜਾਇਜ਼ਾ ਲੈਣ ਦੀ ਪ੍ਰਕਿਰਿਆ ਸ਼ੁਰੂ
ਉਨ੍ਹਾਂ ਡੱਬਵਾਲੀ ਢਾਬ, ਕਰਮਗੜ੍ਹ, ਭਗਵਾਨਪੁਰਾ, ਸ਼ਾਮਖੇੜਾ ਅਤੇ ਗੁਰੂਸਰ ਜੋਧਾ ਪਿੰਡਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ। ਪ੍ਰਭਾਵਿਤ ਪਿੰਡ ਦਾ ਦੌਰਾ ਕਰਨ ਆਏ ਡਿਪਟੀ ਕਮਿਸ਼ਨਰ ਸੀਨੂੰ ਦੁੱਗਲ ਨੇ ਦੱਸਿਆ ਕਿ ਜਿਨ੍ਹਾਂ ਪਿੰਡ ਵਾਸੀਆਂ ਦੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਸਕੂਲ ਵਿੱਚ ਭੇਜ ਦਿੱਤਾ ਗਿਆ ਹੈ।
ਦੁੱਗਲ ਨੇ ਕਿਹਾ, "ਪ੍ਰਸ਼ਾਸਨ ਜਾਇਦਾਦ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰੇਗਾ, ਜਿਸ ਤੋਂ ਬਾਅਦ ਸਰਕਾਰ ਮੁਆਵਜ਼ਾ ਦੇਵੇਗੀ।"
ਜ਼ਿਕਰਯੋਗ ਹੈ ਕਿ ਤੂਫਾਨ ਕਾਰਨ ਤਬਾਹੀ ਮਚਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਤੂਫਾਨ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।