Firozpur News: ਕਈ ਵਾਰ ਛੋਟੇ ਮੋਟੇ ਝਗੜੇ ਇੰਨੇ ਵੱਡੇ ਹੋ ਜਾਂਦੇ ਨੇ ਕਿ ਕਿਸੇ ਦੀ ਜਾਨ ਚਲੀ ਜਾਂਦੀ ਹੈ। ਦੱਸ ਦਈਏ ਸਾਲ 2018 ਵਿੱਚ ਅਜਿਹੇ ਇੱਕ ਮਾਮੂਲੀ ਜ਼ਮੀਨੀ ਝਗੜੇ ਦੇ ਚੱਲਦਿਆਂ ਇੱਕ ਕੁੜੀ ਦਾ ਕਤਲ ਹੋ ਗਿਆ ਸੀ। ਹੁਣ ਇਸ ਕੁੜੀ ਦੇ ਮੌਤ ਦੇ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਸਖ਼ਤ ਸਜ਼ਾ ਸੁਣਾਈ ਗਈ ਹੈ।
ਸਾਲ 2018 ਦਾ ਹੈ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਅਜੀਤ ਸਿੰਘ ਪੁੱਤਰ ਕਪੂਰ ਸਿੰਘ ਦੇ ਬਿਆਨਾਂ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਲਕਸ਼ਮੀ ਦੇਵੀ ਪੁੱਤਰੀ ਮਲਕੀਤ ਸਿੰਘ ਦੇ ਕਤਲ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ’ਚ ਦੋਸ਼ ਲਗਾਇਆ ਗਿਆ ਸੀ ਕਿ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ, ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਲਈ ਆਏ ਅਤੇ ਉਨ੍ਹਾਂ ਨੇ ਗੋਲੀ ਚਲਾ ਦਿੱਤੀ ਅਤੇ ਸ਼ਿਕਾਇਤਕਰਤਾ ਦੀ ਭਤੀਜੀ ਲਕਸ਼ਮੀ ਦੇਵੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।
ਅਦਾਲਤ ਵਲੋਂ ਦੋਸ਼ੀਆਂ ਨੂੰ ਇਹ ਸਜ਼ਾ ਸੁਣਾਈ ਗਈ
ਜ਼ਮੀਨੀ ਝਗੜੇ ਦੇ ਚੱਲਦਿਆਂ ਇੱਕ ਕੁੜੀ ਦੇ ਕਤਲ ਸਬੰਧੀ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ 8 ਮਈ 2018 ਨੂੰ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮਾਮਲਾ ਨੰਬਰ 63 ਦਰਜ ਕੀਤਾ ਗਿਆ ਸੀ, ਜਿਸ ’ਚ ਫੈਸਲਾ ਸੁਣਾਉਂਦਿਆਂ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਰਾਜਵਿੰਦਰ ਕੌਰ ਨੇ 9 ਨਾਮਜ਼ਦ ਹਮਲਾਵਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਕ ਵਿਅਕਤੀ ਨੂੰ ਬੇਕਸੂਰ ਮੰਨਦਿਆਂ ਬਰੀ ਕਰ ਦਿੱਤਾ ਹੈ। ਮਾਣਯੋਗ ਅਦਾਲਤ ਵਲੋਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ ਜੁਰਮਾਨਾ ਵੀ ਕੀਤਾ ਗਿਆ ਹੈ ਅਤੇ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਅਦਾਲਤ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਹੋਰ ਸਜ਼ਾ ਭੁਗਤਣੀ ਪਵੇਗੀ।
ਬੁੱਧਵਾਰ ਇਸ ਮਾਮਲੇ ’ਚ ਫੈਸਲਾ ਸੁਣਾਉਂਦਿਆਂ ਮਾਣਯੋਗ ਅਦਾਲਤ ਨੇ ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਮੰਗਲ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ, ਰੁੜ ਸਿੰਘ,ਪਿੱਪਲ ਸਿੰਘ, ਭੁਪਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਸ਼ਵਿੰਦਰ ਸਿੰਘ ਨੂੰ ਬੇਕਸੂਰ ਮੰਨਦੇ ਹੋਏ ਇਸ ਮਾਮਲੇ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਸ ’ਚ ਨਾਮਜ਼ਦ ਇੱਕ ਵਿਅਕਤੀ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ।