Ferozepur News: ਪੰਜਾਬ ਵਾਸੀਆਂ ਲਈ ਅਹਿਮ ਖਬਰ ਆ ਰਹੀ ਹੈ, ਦੱਸ ਦੇਈਏ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁੰਭੰਡ ਬੰਬਾ ਪੀ.ਸੀ.ਐਸ. ਭਾਰਤੀ ਸਿਵਲ ਸੁਰੱਖਿਆ ਕੋਡ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਇੱਕ ਮਹੀਨੇ ਲਈ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਰਹੱਦੀ ਖੇਤਰ ਵਿੱਚ ਸਥਿਤ ਦਰਿਆ ਵਿੱਚ ਸ਼ਾਮ 7:00 ਵਜੇ ਤੋਂ ਸਵੇਰੇ 7:00 ਵਜੇ ਤੱਕ ਨਿੱਜੀ ਕਿਸ਼ਤੀਆਂ ਦੇ ਸੰਚਾਲਨ 'ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਹੱਦਾਂ ਵਿੱਚ ਪੈਂਦੇ ਦਰਿਆ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਨਸ਼ਿਆਂ ਦੀ ਤਸਕਰੀ ਕਰਨ ਲਈ ਨਿੱਜੀ ਵਿਅਕਤੀਆਂ ਵੱਲੋਂ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨੂੰ ਰੋਕਣ/ਅਜਿਹੀ ਸਥਿਤੀ ਨਾਲ ਨਜਿੱਠਣ ਲਈ, ਰਾਤ ਨੂੰ ਦਰਿਆਵਾਂ ਵਿੱਚ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ ਲਗਾਉਣ ਦੀ ਤੁਰੰਤ ਲੋੜ ਹੈ।
ਲੱਗੀਆਂ ਇਹ ਸਖਤ ਪਾਬੰਦੀਆਂ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਰਾਹੀਂ, ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਥਾਵਾਂ 'ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਦੀ ਇਜਾਜ਼ਤ ਲੈਣ ਵਾਲੇ ਕਿਸੇ ਵੀ ਵਿਭਾਗ/ਆਮ ਵਿਅਕਤੀ ਨੂੰ ਢੁਕਵੇਂ ਸਿਸਟਮ ਰਾਹੀਂ ਪ੍ਰਵਾਨਗੀ ਲੈਣੀ ਪਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇੱਕ ਹੋਰ ਮਨਾਹੀ ਦੇ ਹੁਕਮ ਵਿੱਚ, ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਦਿੱਤਾ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫਿਰੋਜ਼ਪੁਰ ਦੀ ਹੱਦ ਅੰਦਰ ਆਉਂਦੇ ਖੇਤਰਾਂ ਵਿੱਚ ਸੜਕਾਂ ਅਤੇ ਜਨਤਕ ਥਾਵਾਂ 'ਤੇ ਆਪਣੇ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਨਹੀਂ ਛੱਡੇਗਾ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੜਕਾਂ 'ਤੇ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ, ਜਦੋਂ ਜਾਨਵਰਾਂ ਨੂੰ ਖੁੱਲ੍ਹੀਆਂ ਥਾਵਾਂ 'ਤੇ ਛੱਡ ਦਿੱਤਾ ਜਾਂਦਾ ਹੈ, ਤਾਂ ਉਹ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹਗੀਰਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਲੋਕਾਂ ਦੀਆਂ ਫਸਲਾਂ ਨੂੰ ਵੀ ਤਬਾਹ ਕਰ ਦਿੰਦੇ ਹਨ। ਇਸੇ ਤਰ੍ਹਾਂ, ਇੱਕ ਹੋਰ ਹੁਕਮ ਵਿੱਚ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹੱਦ ਅੰਦਰ ਖੁੱਲ੍ਹੇ ਵਿੱਚ ਕੂੜਾ ਆਦਿ ਸਾੜਨ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਸਫਾਈ ਤੋਂ ਬਾਅਦ, ਕੂੜਾ, ਰੁੱਖਾਂ ਦੇ ਸੁੱਕੇ ਪੱਤੇ, ਰਹਿੰਦ-ਖੂੰਹਦ ਕਾਗਜ਼ ਆਦਿ ਇਕੱਠੇ ਕਰਕੇ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਹਵਾ ਵਿੱਚ ਧੂੰਆਂ ਫੈਲਦਾ ਹੈ। ਇਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਸੜਕਾਂ ਦੇ ਆਲੇ-ਦੁਆਲੇ ਕੂੜਾ ਸਾੜਨ ਨਾਲ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ, ਲੜਾਈ-ਝਗੜਿਆਂ ਦਾ ਖ਼ਤਰਾ ਵਧਦਾ ਹੈ ਅਤੇ ਵੱਡੇ ਹਾਦਸੇ ਵੀ ਹੋ ਸਕਦੇ ਹਨ।