ਵਿੱਤ ਵਿਭਾਗ ਵੱਲੋਂ ਕੌਮੀ ਸ਼ਹਿਰੀ, ਪੇਂਡੂ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੌਮੀ ਪੇਂਡੂ ਸਿਹਤ ਮਿਸ਼ਨ ਅਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੌਮੀ ਪੇਂਡੂ ਸਿਹਤ ਮਿਸ਼ਨ ਅਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੌਮੀ ਪੇਂਡੂ ਸਿਹਤ ਮਿਸ਼ਨ ਤਹਿਤ 668.50 ਲੱਖ ਰੁਪਏ ਅਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਲਈ 452.50 ਲੱਖ ਰੁਪਏ ਜਾਰੀ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਅਤੇ ਪੇਂਡੂ ਸਿਹਤ ਢਾਂਚੇ ਨੂੰ ਨਿਰੰਤਰ ਗਤੀ ਨਾਲ ਵਿਕਸਤ ਕਰਨ ਲਈ ਵਚਨਬੱਧ ਹੈ।
ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਸੂਬੇ ਦੇ ਸਿਹਤ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 4731.34 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਇਸ ਨੇ ਪਹਿਲੇ 5 ਮਹੀਨਿਆਂ ਦੌਰਾਨ ਹੀ 1262.22 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਰਾਜ ਦੇ ਸਿਹਤ ਢਾਂਚੇ ਵਿੱਚ ਵੱਡੀ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਰੋਤਾਂ ਦੀ ਸਮਾਂਬੱਧ ਢੰਗ ਨਾਲ ਸਰਵੋਤਮ ਵਰਤੋਂ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਲਈ ਰੱਖੇ ਕੁੱਲ ਬਜਟ ਦਾ 40.42 ਪ੍ਰਤੀਸ਼ਤ ਵੀ ਜਾਰੀ ਕਰ ਦਿੱਤਾ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਲਗਭਗ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾ ਰਹੇ ਹਨ ਅਤੇ ਮਾਨ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ ਹਰ ਕੋਨੇ ਵਿੱਚ ਅਜਿਹੇ ਕਲੀਨਿਕ ਸਥਾਪਤ ਕੀਤੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :