ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਤੇ ਉਸ ਦੇ ਪੁੱਤਰ ਅਮਰਜੋਤ ਸਿੰਘ ਬੱਬੇਹਾਲੀ ਸਮੇਤ 12 ਲੋਕਾਂ ਖ਼ਿਲਾਫ਼ ਕੋਆਪ੍ਰੇਟਿਵ ਸੁਸਾਇਟੀ ਦੇ ਦਸਤਾਵੇਜ਼ਾਂ ਨਾਲ ਛੇੜਛਾੜ ਤੇ ਨਕਲੀ ਦਸਤਾਵੇਜ਼ ਤਿਆਰ ਕਰ ਆਪਣਾ ਸਿਨੇਮਾ ਬਣਾਉਣ 'ਤੇ ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਉੱਧਰ, ਗੁਰਬਚਨ ਸਿੰਘ ਬੱਬੇਹਾਲੀ ਦਾ ਕਹਿਣਾ ਹੈ ਕਿ ਪੰਚਾਇਤੀ ਚੋਣ ਕਰਕੇ ਉਨ੍ਹਾਂ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ ਤਾਂ ਜੋ ਉਹ ਆਪਣੇ ਵਰਕਰਾਂ ਤੇ ਉਮੀਦਵਾਰਾਂ ਦੀ ਮਦਦ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ। ਬੱਬੇਹਾਲੀ ਨੇ ਕਿਹਾ ਕਿ ਮਾਮਲਾ ਪੁਰਾਣਾ ਹੈ ਪਰ ਮੇਰਾ ਨਾਂ ਹੁਣ ਪਾਇਆ ਗਿਆ ਹੈ ਤੇ ਜਿਨ੍ਹਾਂ 12 ਲੋਕਾਂ ਦੇ ਨਾਂ ਪਾਏ ਗਏ ਹਨ, ਉਨ੍ਹਾਂ ਵਿੱਚੋਂ ਕਈਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਦੇ ਬਿਆਨਾਂ ਉਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਉਹ ਤਾਂ ਸੁਸਾਇਟੀ ਦਾ ਮੈਂਬਰ ਵੀ ਨਹੀਂ ਤੇ ਜਿਸ ਜਗ੍ਹਾ 'ਤੇ ਇਹ ਮਾਲ (ਸਿਨੇਮਾ) ਹੈ, ਉਹ ਜਗ੍ਹਾ ਸੁਸਾਇਟੀ ਦੀ ਨਹੀਂ ਬਲਕਿ ਕਿਸੇ ਕੰਪਨੀ ਦੀ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਥਾਣੇ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਸਹਿਕਾਰੀ ਸਭਾ ਦੇ ਦਸਤਾਵੇਜ਼ਾਂ ਨਾਲ ਛੇੜਛਾੜ ਤੇ ਨਕਲੀ ਦਸਤਾਵੇਜ਼ ਤਿਆਰ ਕਰਨ 'ਤੇ ਕੇਸ ਚੱਲ ਰਿਹਾ ਸੀ, ਜਿਸ ਦੀ ਪੜਤਾਲ ਵਿਭਾਗ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਲੂਕ ਸਿੰਘ ਵਾਸੀ ਬੱਬੇਹਾਲੀ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਆਧਾਰ 'ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਤੇ ਉਸ ਦੇ ਪੁੱਤਰ ਅਮਰਜੋਤ ਸਿੰਘ ਬੱਬੇਹਾਲੀ ਸਮੇਤ 12 ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।