ਚੰਡੀਗੜ੍ਹ: ਇਸ ਵਾਰ ਫਿਰੋਜ਼ਪੁਰ ਲੋਕ ਸਭਾ ਹਲਕਾ ਅਹਿਮ ਰਹਿਣ ਵਾਲਾ ਹੈ। ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਫਿਰੋਜ਼ਪੁਰ ਦੇ ਮੈਦਾਨ ਵਿੱਚ ਨਿੱਤਰਣ ਦਾ ਵਿਚਾਰ ਬਣਾ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਂਗਰਸ ਨੂੰ ਵੀ ਆਪਣੀ ਰਣਨੀਤੀ ਬਦਲਣੀ ਪਏਗੀ।

ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਗੁਬਾਇਆ ਨੂੰ ਆਪਣੇ ਨਾਲ ਰਲਾ ਕੇ ਜਿੱਤ ਯਕੀਨੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਮਗਰੋਂ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਤੋਂ ਮੈਦਾਨ ਵਿੱਚ ਉਤਾਰਨ ਦੀ ਚਰਚਾ ਛੇੜ ਤੇ ਕਾਂਗਰਸ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

ਸੁਖਬੀਰ ਬਾਦਲ ਦੀ ਚਰਚਾ ਦੇ ਨਾਲ ਹੀ ਕਾਂਗਰਸ ਵਿੱਚ ਫਿਰੋਜ਼ਪੁਰ ਤੋਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਮੈਦਾਨ ਵਿੱਚ ਉਤਾਰਨ ਦੀ ਮੰਗ ਉੱਠਣ ਲੱਗੀ ਹੈ। ਉਂਝ ਜਾਖੜ ਨੇ ਸਪਸ਼ਟ ਕੀਤਾ ਹੈ ਕਿ ਉਹ ਆਪਣੇ ਮੌਜੂਦਾ ਹਲਕੇ ਗੁਰਦਾਸਪੁਰ ਤੋਂ ਹੀ ਚੋਣ ਲੜਨ ਦੇ ਇੱਛੁਕ ਹਨ।

ਦਿਲਚਸਪ ਹੈ ਕਿ ਅਜੇ ਤੱਕ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਲੋਕ ਸਭਾ ਮੈਂਬਰ ਸ਼ੇਰ ਸਿੰਘ ਘਬਾਇਆ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਟਿਕਟ ਦੇਣ ਦੇ ਆਸਾਰ ਹਨ। ਹੁਣ ਬਦਲੀ ਸਥਿਤੀ ਵਿੱਚ ਕਾਂਗਰਸ ਆਗੂਆਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਨੂੰ ਇਸ ਹਲਕੇ ਤੋਂ ਵੱਡਾ ਲੀਡਰ ਚੋਣ ਮੈਦਾਨ ਵਿੱਚ ਉਤਾਰਨਾ ਚਾਹੀਦਾ ਹੈ।