Punjab News : ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਨਸ਼ਾ ਤਸਕਰੀ ਅਤੇ ਡਰੋਨ ਗਤੀਵਿਧੀਆਂ ਵੱਧ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਸ਼ਾਮ 5 ਵਜੇ ਤੋਂ ਬਾਅਦ ਹੁਣ ਫਿਰੋਜ਼ਪੁਰ ਦੇ ਇਸ ਸਰਹੱਦੀ ਖੇਤਰ ਵਿੱਚ ਨਾ ਤਾਂ ਕੋਈ ਡੀਜੇ ਵਜਾ ਸਕੇਗਾ ਅਤੇ ਨਾ ਹੀ ਕੋਈ ਡਰੋਨ ਉੱਡ ਸਕੇਗਾ। ਡੀਸੀ ਰਾਜੇਸ਼ ਧੀਮਾਨ ਨੇ ਇਹ ਨਵਾਂ ਹੁਕਮ ਜਾਰੀ ਕੀਤਾ ਹੈ। ਡੀਸੀ ਵੱਲੋਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵੀ ਗੱਲ ਕਹੀ ਗਈ ਹੈ।
ਡਰੋਨ ਦੀਆਂ ਵਧਦੀਆਂ ਗਤੀਵਿਧੀਆਂ ਨੂੰ ਲੈ ਕੇ ਲਿਆ ਫੈਸਲਾ
ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਦੀਆਂ ਗਤੀਵਿਧੀਆਂ ਵਧ ਗਈਆਂ ਹਨ। ਜਿਸ ਕਾਰਨ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਵਾਧਾ ਹੋ ਰਿਹਾ ਹੈ। ਡਰੋਨਾਂ ਰਾਹੀਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਹੋ ਰਹੀ ਹੈ। ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਵੀ ਖਤਰਾ ਪੈਦਾ ਹੋ ਸਕਦਾ ਹੈ।
ਡੀਜੇ ਨਾਲ ਨਹੀਂ ਸੁਣਦੀ ਡਰੋਨ ਦੀ ਆਵਾਜ਼
ਡੀਸੀ ਰਾਜੇਸ਼ ਧੀਮਾਨ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਵਿੱਚ ਸਰਹੱਦੀ ਖੇਤਰ ਵਿੱਚ ਡੀਜੇ ਅਤੇ ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਕਾਰਨ ਡਿਊਟੀ ’ਤੇ ਤਾਇਨਾਤ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਨਹੀਂ ਦਿੰਦੀ। ਇਸ ਕਾਰਨ ਡਰੋਨ ਦੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦਾ ਖਤਰਾ ਬਣਿਆ ਹੋਇਆ ਹੈ। ਜਿਸ ਕਾਰਨ ਸ਼ਾਮ 5 ਵਜੇ ਤੋਂ ਬਾਅਦ ਡੀਜੇ ਅਤੇ ਡਰੋਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਸਰਹੱਦੀ ਇਲਾਕਿਆਂ 'ਚ ਵਧ ਰਹੀਆਂ ਹਨ ਡਰੋਨ ਗਤੀਵਿਧੀਆਂ
ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ। ਫੌਜ ਦੇ ਜਵਾਨਾਂ ਵੱਲੋਂ ਕਈ ਵਾਰ ਡਰੋਨਾਂ ਨੂੰ ਡੇਗਿਆ ਗਿਆ ਹੈ, ਫਿਰ ਕਈ ਡਰੋਨ ਬਚ ਕੇ ਪਾਕਿਸਤਾਨ ਚਲੇ ਗਏ। ਪਾਕਿਸਤਾਨ ਵੱਲੋਂ ਨਸ਼ਿਆਂ ਦੀ ਖੇਪ ਪੰਜਾਬ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।